India Punjab

ਕਿ ਸਾਨਾਂ ਦੀ ਜਿੱਤ ‘ਤੇ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਆਰੰਭ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੀ ਜਿੱਤ ‘ਤੇ ਹਰ ਕਿਸੇ ਨੂੰ ਬਹੁਤ ਖੁਸ਼ੀ ਹੈ ਅਤੇ ਉਤਸ਼ਾਹ ਹੈ। ਹਰ ਕਿਸੇ ਨੇ ਆਪਣੇ ਪੱਧਰ ‘ਤੇ ਕਿਸਾਨਾਂ ਦਾ ਸਵਾਗਤ ਕੀਤਾ ਹੈ। ਕੱਲ੍ਹ ਜਦੋਂ ਕਿਸਾਨ ਜੇਤੂ ਫਤਿਹ ਮਾਰਚ ਦੇ ਰੂਪ ਵਿੱਚ ਪੰਜਾਬ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ। ਖ਼ਾਲਸਾ ਏਡ ਨੇ ਤਾਂ ਉਦੋਂ ਹੱਦ ਹੀ ਕਰ ਦਿੱਤੀ ਜਦੋਂ ਉਸਨੇ ਹੈਲੀਕਾਪਟਰ ਦੇ ਰਾਹੀਂ ਅਸਮਾਨ ਤੋਂ ਕਿਸਾਨਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ। ਇਹ ਦ੍ਰਿਸ਼ ਬਹੁਤ ਹੀ ਸੁਹਾਵਣਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ਮਗਰੋਂ ਸ਼ੁਕਰਾਨੇ ਵਜੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਸਾਹਿਬ ਵਿਖੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਯਾਨਿ ਕੱਲ੍ਹ ਪਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਆਗੂ ਸ਼ੁਕਰਾਨੇ ਲਈ 13 ਦਸੰਬਰ ਨੂੰ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਹਨ। ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸੰਘਰਸ਼ ਜਿੱਤ ਕੇ ਕਿਸਾਨ ਦਿੱਲੀ ਹੱਦਾਂ ਤੋਂ ਵਾਪਸ ਆਉਣੇ ਸ਼ੁਰੂ ਹੋ ਗਏ ਹਨ।