‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦੀ ਜਸ਼ਨ ਨਾਲ ਘਰ ਵਾਪਸੀ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਬਿਆਨ ਦਿੱਤਾ ਹੈ। ਤੋਮਰ ਨੇ ਕਿਸਾਨਾਂ ਵੱਲੋਂ ਮਨਾਏ ਜਾ ਰਹੇ ਜਸ਼ਨ ਬਾਰੇ ਬੋਲਦਿਆਂ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਜਿੱਤ ਜਾਂ ਹਾਰ ਦਾ ਸਵਾਲ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਇਸ ਮੁੱਦੇ ਨੂੰ ਇਸ ਤਰ੍ਹਾਂ ਨਹੀਂ ਦੇਖਣਾ ਚਾਹੀਦਾ। ਦਰਅਸਲ, ਖੇਤੀਬਾੜੀ ਮੰਤਰੀ ਤੋਮਰ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦਿੱਲੀ ਤੋਂ ਪਰਤ ਰਹੇ ਕਿਸਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਖਿਲਾਫ ਦਰਜ ਕੇਸਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਰਾਜ ਦਾ ਵਿਸ਼ਾ ਹੈ। ਜਿਸ ਕਾਰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਵੱਖ-ਵੱਖ ਰਾਜ ਸਰਕਾਰਾਂ ਆਪਣੇ ਪੱਧਰ ‘ਤੇ ਲੈਣਗੀਆਂ ।
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਇੱਕ ਪੱਤਰ ਭੇਜ ਕੇ ਕਿਸਾਨਾਂ ਦੀਆਂ ਸਾਰੀਆਂ ਮੰਨਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਵਿੱਚ ਕੇਸ ਵਾਪਸ ਲੈਣਾ ਵੀ ਸ਼ਾਮਲ ਸੀ। ਸਰਕਾਰ ਵੱਲੋਂ ਭੇਜੇ ਗਏ ਇਸ ਪੱਤਰ ਵਿੱਚ ਕਿਹਾ ਗਿਆ ਸੀ ਕਿ ਯੂਪੀ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੀਆਂ ਸਰਕਾਰਾਂ ਤੁਰੰਤ ਪ੍ਰਭਾਵ ਨਾਲ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਈਆਂ ਹਨ । ਦੱਸ ਦੇਈਏ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਵਿੱਚ ਹੋਈ ਦੇਰੀ ‘ਤੇ ਬੋਲਦਿਆਂ ਤੋਮਰ ਨੇ ਕਿਹਾ ਕਿ ਇਹ ਮੁੱਦਾ ਕਿਸੇ ਤੋਂ ਵੀ ਲੁਕਿਆ ਨਹੀਂ ਹੈ।