‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਗਲੇ ਕੁਝ ਦਿਨਾਂ ‘ਚ ਦੇਸ਼ ਦੇ ਕਈ ਸੂਬਿਆਂ ‘ਚ ਠੰਡ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤਕ ਠੰਡ ਨੂੰ ਲੈ ਕੇ ਤਾਜ਼ਾ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕਈ ਸੂਬਿਆਂ ‘ਚ ਸੀਤ ਲਹਿਰ ਵਧ ਸਕਦੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸਮੁੰਦਰੀ ਖੇਤਰਾਂ ਵਿਚ ਮਛੇਰਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਸੌਰਾਸ਼ਟਰ ਤੇ ਕੱਛ ਵਿਚ 17 ਤੋਂ 21 ਤਰੀਕ ਤਕ ਸੀਤ ਲਹਿਰ ਚੱਲ ਸਕਦੀ ਹੈ। ਇਸ ਤੋਂ ਇਲਾਵਾ 18 ਤੋਂ 21 ਦਸੰਬਰ ਤਕ ਉੱਤਰੀ ਰਾਜਸਥਾਨ, 19 ਤੋਂ 21 ਦਸੰਬਰ ਤਕ ਪੱਛਮੀ ਉੱਤਰ ਪ੍ਰਦੇਸ਼ ਤੇ 19 ਤੋਂ 20 ਦਸੰਬਰ ਤਕ ਗੁਜਰਾਤ ਦੇ ਖੇਤਰਾਂ ਵਿਚ ਸੀਤ ਲਹਿਰ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 17 ਤੋਂ 20 ਦਸੰਬਰ ਤਕ ਅੰਡੇਮਾਨ ਤੇ ਨਿਕੋਬਾਰ ਟਾਪੂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ।