Punjab

ਸਰਨਾ ਨੇ ਬਾਦਲਾਂ ਦੇ ਬਾਈਕਾਟ ਦੀ ਮੁਹਿੰਮ ਛੇੜੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਦਲਾਂ ਦੇ ਬਾਈਕਾਟ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦਲ ਵੱਲੋਂ ਬਾਈਕਾਟ ਦੀ ਮੁਹਿੰਮ ਮਾਲਵੇ ਤੋਂ ਸ਼ੁਰੂ ਕੀਤੀ ਜਾਵੇਗੀ। ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਦੇ ਕਥਿਤ ਦੋਸ਼ੀਆਂ ਬਾਦਲਾਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਮਾਲਵੇ ਵਿੱਚ ਬਾਦਲਾਂ ਨੂੰ ਘੇਰਨ ਲਈ ਪੰਥਕ ਕੇਡਰ ਘਰ-ਘਰ ਜਾ ਕੇ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਬਾਦਲਾਂ ਦੇ ਨੇੜਕੂ ਹਰਜਿੰਦਰ ਸਿੰਘ ਧਾਮੀ ਉੱਤੇ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੁਲਿਸ ਦਾਖਲੇ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਖੁਦ ਪੁਲਿਸ ਦੀ ਅਗਵਾਈ ਕੀਤੀ ਹੋਵੇ।

ਧਾਮੀ ਨੇ ਬਾਦਲਾਂ ਦਾ ਕਮੇਟੀ ਉੱਤੇ ਕਰਜ਼ਾ ਕਰਾਉਣ ਦੀ ਮਨਸ਼ਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕੀਤੀ ਹੈ। ਦਲ ਦੇ ਨੇਤਾ ਨੇ ਇਹ ਵੀ ਕਿਹਾ ਕਿ ਬਾਦਲਿਕਾਂ ਵੱਲੋਂ ਗੁਰੂ ਦੀ ਗੋਲਕ ਵਿੱਚੋਂ ਮੈਡੀਕਲ ਦਾ ਸਮਾਨ ਖਰੀਦਣ ਲਈ ਕਰੋੜਾਂ ਰੁਪਏ ਲੁੱਟੇ ਅਤੇ ਉਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨੇ ਅਸਤੀਫ਼ੇ ਦਾ ਡਰਾਮਾ ਰਚਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਹਾਂ ਨੂੰ ਬਾਦਲਾਂ ਦੀ ਸਰਪ੍ਰਸਤੀ ਹਾਸਿਲ ਹੈ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਗੁਰਦੁਆਰਾ ਹਾਲ ਵਿੱਚ ਪੁਲਿਸ ਨੂੰ ਅੰਦਰ ਆਉਣ ਦੀ ਆਗਿਆ ਦੇ ਕੇ ਪੰਥਕ ਮਰਿਆਦਾ ਦਾ ਘਾਣ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ 2015 ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੁੜ ਬੇ ਅਦਬੀ ਹੋਈ ਹੈ। ਇਸ ਵਾਰ ਵੀ ਮਾਲਵਾ ਵਿੱਚ ਵੋਟਾਂ ਬਟੋਰਨ ਲਈ ਜੇਲ੍ਹ ਵਿੱਚ ਬੰਦ ਸੌਦਾ ਸਾਧ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਥਕ ਕੇਡਰ ਸੂਬੇ ਭਰ ਵਿੱਚ ਬਾਦਲਾਂ ਦੇ ਖਿਲਾਫ਼ ਪ੍ਰਚਾਰ ਕਰੇਗਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੈਰੋਕਾਰਾਂ ਨੂੰ ਬਾਦਲਾਂ ਅਤੇ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਦੇ ਬਾਈਕਾਟ ਦੀ ਅਪੀਲ ਕੀਤੀ ਹੈ।