Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਕਨਵੈਨਸ਼ਨ ਛੇ ਨੂੰ

‘ਦ ਖ਼ਾਲਸ ਬਿਊਰੋ : ਦੇਸ਼ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲਾ ਪ੍ਰੋਗਰਾਮ ਉਲੀਕਣ ਲਈ ਛੇ ਫਰਵਰੀ ਨੂੰ ਇੱਕ ਪੰਥਕ ਕਨਵੈਨਸ਼ਨ ਸੱਦ ਲਈ ਗਈ ਹੈ। ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਣ ਵਾਲੀ ਇਸ ਕਨਵੈਨਸ਼ਨ ਵਿੱਚ ਸਰਕਾਰ ‘ਤੇ ਦਬਾਅ ਪਾਉਣ ਲਈ ਰਣਨੀਤੀ ਤੈਅ ਕੀਤੀ ਜਾਵੇਗੀ। ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਾ ਚੁੱਕਣ ਬਦਲੇ ਵਿਰੋਧਤਾ ਕੀਤੀ ਗਈ।

ਪੰਥਕ ਨੇਤਾਵਾਂ ਨੇ ਸਾਂਝੇ ਤੌਰ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਰਾਜਪਾਲ ਕਹਿਣ ਮੁਤਾਬਕ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਸੂਚੀ ਸੌਂਪ ਦਿੱਤੀ ਗਈ ਸੀ ਪਰ ਹਾਲੇ ਤੱਕ ਕੋਈ ਐਕਸ਼ਨ ਨਹੀਂ ਹੋਇਆ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸੰਵਿਧਾਨ ਦੇ ਆਰਟੀਕਲ 161 ਤਹਿਤ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਆਗੂਆਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਵਿੱਚੋਂ ਕਈ ਸਾਰੇ ਪਿਛਲੇ ਸਮੇਂ ਤੋਂ ਪੈਰੋਲ ਉੱਤੇ ਜੇਲ੍ਹ ਤੋਂ ਬਾਹਰ ਆਉਂਦੇ ਰਹੇ ਹਨ। ਉਨ੍ਹਾਂ ਦਾ ਆਚਰਣ ਅਤੇ ਪੁਲਿਸ ਰਿਪੋਰਟ ਤਸੱਲੀਬਖ਼ਸ਼ ਦੱਸੀ ਗਈ ਹੈ ਅਤੇ ਬਾਵਜੂਦ ਇਸਦੇ ਸਰਕਾਰ ਨੇ ਚੁੱਪ ਧਾਰੀ ਹੋਈ ਹੈ।

ਭਾਈ ਹਰਪ੍ਰੀਤ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਜਸਪ੍ਰੀਤ ਸਿੰਘ ਸਿੱਧੂਪੁਰ, ਰੇਸ਼ਮ ਸਿੰਘ ਵਡਾਲਾ ਅਤੇ ਬਲਬੀਰ ਸਿੰਘ ਹਿਸਾਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪੂਰੇ ਪੰਜਾਬ ਵਾਸੀਆਂ ਵੱਲੋਂ ਕੀਤੀ ਜਾ ਰਹੀ ਹੈ ਪਰ ਕਿਸੇ ਵੀ ਪਾਰਟੀ ਨੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਨਹੀਂ ਕੀਤਾ। ਇੱਥੋਂ ਤੱਕ ਕਿ ਸਿਆਸੀ ਲੀਡਰ ਆਪਣੀਆਂ ਤਕਰੀਰਾਂ ਵਿੱਚ ਵੀ ਚੁੱਪ ਧਾਰੀ ਬੈਠੇ ਹਨ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਨਿਹੰਗ ਸਿੰਘਾਂ, ਕਿਸਾਨ ਜਥੇਬੰਦੀਆਂ ਅਤੇ ਨੌਜਵਾਨਾਂ ਨੂੰ ਪੰਥਕ ਕਨਵੈਨਸ਼ਨ ਵਿੱਚ ਪੁੱਜਣ ਦੀ ਅਪੀਲ ਕੀਤੀ ਗਈ ਹੈ।