‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਦੀ ਉਦਾਹਰਨ ਦੇ ਕੇ ਬਾਣੀ ਦਾ ਅਦਬ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਪਾਣੀ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ, ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ।
ਜਥੇਦਾਰ ਨੇ ਵਾਤਾਵਰਣ ਵਿੱਚ ਪੈਦਾ ਹੋਏ ਵਿਗਾੜਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁੱਖਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ ਪਰ ਗੁਰੂ ਸਾਹਿਬ ਜੀ ਨੇ ਸਾਨੂੰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਦੀ ਸਿੱਖਿਆ ਦਿੱਤੀ ਹੈ। ਗੁਰੂ ਸਾਹਿਬ ਜੀ ਨੇ ਖੁਦ ਆਪਣੇ ਪੰਜ ਭੌਤਿਕ ਤਨ ਦੇ ਵਿੱਚ ਵਿਚਰਦਿਆਂ ਰੁੱਖਾਂ ਦੀ ਸੰਭਾਲ ਕੀਤੀ, ਰੁੱਖ ਲਗਾਈ। ਇਸ ਲਈ ਸਾਨੂੰ ਵੀ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ।