ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਆਗਵਾਈ ਹੇਠ ਅੱਜ ਕਿਸਾਨਾਂ ਵੱਲੋਂ ਪਿੰਡ ਝੁਨੀਰ ਦੇ ਨੇੜੇ ਭਾਖੜਾ ਨਹਿਰ ਉੱਪਰ ਮਾਨਸਾ-ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿਉਂਕਿ ਇਸ ਖੇਤਰ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨ ਤੇ ਮਜ਼ਦੂਰ ਹਾਲੇ ਵੀ ਸਰਕਾਰ ਦੇ ਮੁਆਵਜ਼ੇ ਤੋਂ ਵਾਂਝੇ ਹਨ।
ਕਿਸਾਨਾਂ ਅਨੁਸਾਰ ਮਾਲਵਾ ਖੇਤਰ ਦੇ ਵਿੱਚ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੇ ਲਈ ਪਹਿਲਾਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ 17 ਹਜ਼ਾਰ ਰੁਪਏ ਮੁਆਵਜ਼ਾ ਦੇਣ ਲਈ ਮੰਨ ਗਈ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਫ਼ੈਸਲੇ ਤੋ ਅਮਲ ਨਹੀਂ ਕੀਤਾ ਗਿਆ ਹੈ ।ਹੋਰ ਕਿਸਾਨਾਂ ਦੇ ਨਾਲ-ਨਾਲ ਮਾਨਸਾ ਜ਼ਿਲ੍ਹੇ ਦੇ ਵੀ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨ ਮੁਆਵਜੇ ਤੋਂ ਵਾਂਝੇ ਹਨ ਤੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਸਰਕਾਰ ਵੱਲੋਂ ਨਰਮੇ ਦੀ ਚੁਗਾਈ ਦਾ ਕੋਈ ਪੈਸਾ ਤੱਕ ਨਹੀਂ ਦਿੱਤਾ ਗਿਆ ਹੈ। ਜਿਸ ਕਾਰਣ ਉਨ੍ਹਾਂ ਵੱਲੋਂ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮਜ਼ਦੂਰਾਂ ਨੂੰ ਨਰਮੇ ਦਾ ਮੁਆਵਜ਼ਾ ਅਤੇ ਕਿਸਾਨਾਂ ਦਾ ਰਹਿੰਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।