India Punjab

“ਕੇਜਰੀਵਾਲ ਦੇ ਸਿੱਖ ਵਿਰੋਧੀ ਨੀਤੀ ਆਈ ਸਾਹਮਣੇ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਰੋਕ ਕੇ ਕੇਜਰੀਵਾਲ ਨੇ ਆਖਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਉਨਾਂ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ ਹੁਣ ਭਗਵੰਤ ਮਾਨ ਤੇ ਹਰਪਾਲ ਚੀਮਾ ਨੁੰ ਪੰਜਾਬੀਆਂ ਨੁੰ ਕਈ ਜਵਾਬ ਦੇਣੇ ਪੈਣਗੇ ਕਿ ਉਨ੍ਹਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ?  ਦਿੱਲੀ ਸਰਕਾਰ ਦੇ ਸ ਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਪ੍ਰਤੀਕਰਮ ਦਿੰਦਿਆਂ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ, ਜਿਨ੍ਹਾਂ ਨੇ ਕੇਜਰੀਵਾਲ ਦੇ ਚੋਣਾਂ ਦੌਰਾਨ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਭਰੋਸਾ ਕੀਤਾ।

ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੇ ਮਨ ਵਿੱਚ ਸਿੱਖਾਂ ਲਈ ਜ਼ਹਿਰ ਭਰਿਆ ਹੋਇਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਮਾਨਸਿਕਤਾ ਲਈ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਜਾਰੀ ਰੱਖੇਗਾ ।

ਦੱਸ ਦਈਏ ਕਿ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਫੈਸਲਾ ਮੁੜ ਟਲ ਗਿਆ ਹੈ। ਚਰਚਾ ਸੀ ਕਿ ਬੁੱਧਵਾਰ ਨੂੰ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਹੋ ਸਕਦੀ ਹੈ ਪਰ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐਸਆਰਬੀ) ਨੇ ਛੇਤੀ ਰਿਹਾਈ ਸਬੰਧੀ ਫੈਸਲਾ ਟਾਲ ਦਿੱਤਾ ਹੈ। ਭੁੱਲਰ ਇਸ ਸਮੇਂ ਅੰਮ੍ਰਿਤਸਰ ਜੇਲ੍ਹ ’ਚ ਬੰਦ ਹੈ।