‘ਦ ਖ਼ਾਲਸ ਬਿਊਰੋ :ਮਾਨਸਾ ਜ਼ਿਲ੍ਹੇ ਵਿੱਚ ਗੁਲਾਬੀ ਬੋਰੀ ਦੇ ਹਮਲੇ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੇ ਐਲਾਨ ਤੋਂ ਬਾਅਦ ਵੀ ਬਹੁਤ ਘੱਟ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਸਕਿਆ ਸੀ , ਜਿਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਕਰਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਸੰਬੰਧ ਵਿੱਚ ਸਰਦੂਲਗੜ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਦਾ ਦਾਅਵਾ ਹੈ ਕਿ ਪੰਜਾਬ ਸਰਕਾਰ ਨੇ ਹੁਣ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਲਈ 1 ਅਰਬ 39 ਲੱਖ 45 ਹਜ਼ਾਰ 87 ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ, ਜੋ ਕਿ 1-2 ਦਿਨਾਂ ਵਿੱਚ ਜ੍ਹਿਲੇ ਦੇ ਡਿਪਟੀ ਕਮਿਸ਼ਨਰ ਕੋਲ ਪਹੁੰਚ ਜਾਵੇਗੀ। ਅਸੀਂ ਕਿਸਾਨਾਂ ਦੀ ਇਹ ਸਮੱਸਿਆ ਸਰਕਾਰ ਅੱਗੇ ਰੱਖੀ ।ਜਿਸ ‘ਤੇ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ, ਜੋ ਕਿ 1-2 ਦਿਨਾਂ ‘ਚ ਡੀ.ਸੀ. ਮਾਨਸਾ ਦੇ ਖਾਤੇ ਵਿੱਚ ਆਵੇਗਾ ਅਤੇ ਉਸ ਤੋਂ ਬਾਅਦ ਸਾਰੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹਰੇਕ ਪੀੜਤ ਕਿਸਾਨ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਰਾਸ਼ੀ ਦੇ ਐਲਾਨ ‘ਤੇ ਕਿਸਾਨਾਂ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਉਦੋਂ ਹੋਵੇਗਾ ਜਦੋਂ ਕਿਸਾਨਾਂ-ਮਜ਼ਦੂਰਾਂ ਦੇ ਬੈਂਕ ਖਾਤਿਆਂ ‘ਚ ਪੈਸੇ ਆਉਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਨਰਮੇ ਦੇ ਮੁਆਵਜ਼ੇ ਲਈ ਸਾਡਾ ਧਰਨਾ ਚਾਰ ਦਿਨਾਂ ਤੋਂ ਚੱਲ ਰਿਹਾ ਹੈ ਅਤੇ ਕੱਲ੍ਹ ਤੋਂ ਡੀ.ਸੀ. ਦਫ਼ਤਰ ਦੀ ਘੇਰਾਬੰਦੀ ਕੀਤੀ ਹੋਈ ਹੈ।
ਉਨ੍ਹਾਂ ਕਿਹਾ ਕਿ ਮੁਆਵਜ਼ਾ ਜਾਰੀ ਕਰਨ ਦੇ ਐਲਾਨ ਲਈ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਪਰ ਅਸੀਂ ਉਦੋਂ ਹੀ ਵਿਸ਼ਵਾਸ਼ ਕਰਾਂਗੇ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਏ ਜਾਣਗੇ।