‘ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅੱਜ ਦਸ ਮੰਤਰੀਆਂ ਨੇ ਸਹੁੰ ਚੁੱਕੀ ਹੈ,ਜਿਹਨਾਂ ਵਿੱਚੋਂ ਇੱਕ ਮਾਨਸਾ ਤੋਂ ਵਿਧਾਇਕ ਡਾ: ਵਿਜੇ ਸਿੰਗਲਾ ਵੀ ਨੇ।ਜਿੰਨਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਕਾਰਨ ਮਾਨਸਾ ਸ਼ਹਿਰ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਆਪਣੇ ਇਲਾਕੇ ਦੇ ਵਿਧਾਇਕ ਦੇ ਮੰਤਰੀ ਬਣਨ ਤੇ ਪਾਰਟੀ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਡਾ: ਵਿਜੇ ਸਿੰਗਲਾ ਨੇ ਵਿਧਾਨ ਸਭਾ ਚੋਣਾਂ ਵਿਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਕੈਬਨਿਟ ਮੰਤਰੀ ਬਣੇ ਹਨ। ਜਿਸ ਕਾਰਣ ਮਾਨਸਾ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।
ਆਮ ਲੋਕਾਂ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਡਾ:ਸਿੰਗਲਾ ਦੇ ਕੈਬਨਿਟ ਮੰਤਰੀ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅੱਜ ਹਲਕਾ ਮਾਨਸਾ ਲਈ ਨਹੀਂ ਸਗੋਂ ਸਾਰੇ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ | ਉਨ੍ਹਾਂ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਨੂੰ ਇੱਕ ਕੈਬਨਿਟ ਮੰਤਰੀ ਮਿਲਿਆ ਹੈ, ਜਿਸ ਕਾਰਨ ਜ਼ਿਲ੍ਹੇ ਦੀ ਕਿਸਮਤ ਖੁੱਲ੍ਹ ਗਈ ਹੈ ਅਤੇ ਹੁਣ ਮਾਨਸਾ ਜ਼ਿਲ੍ਹੇ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕਦਾ।ਸਾਡੀ ਸਭ ਦੀ ਅਰਦਾਸ ਹੈ ਕਿ ਪ੍ਰਮਾਤਮਾ ਡਾ: ਵਿਜੇ ਸਿੰਗਲਾ ਨੂੰ ਚੜ੍ਹਦੀ ਕਲਾ ਬਖਸ਼ੇ ਤਾਂ ਜੋ ਅਗਲੇ 5 ਸਾਲਾਂ ਵਿੱਚ ਮਾਨਸਾ ਦੀ ਦਸ਼ਾ ਅਤੇ ਦਿਸ਼ਾ ਬਦਲੀ ਜਾ ਸਕੇ ।