Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਪਾਸ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਇਜਲਾਸ ਵਿੱਚ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ। ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਦੀ ਨਿੰਦਾ, ਗੁਰਮੁਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਤੰਗ ਰਸਤਿਆਂ ਨੂੰ ਖੁੱਲ੍ਹਾ ਕਰਨ, ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਬੰਦ ਸਿੰਘਾਂ ਦੀ ਰਿਹਾਈ, ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵਿੱਦਿਆ ਦੇ ਖੇਤਰ ਵਿੱਚ ਸਾਲਾਨਾ ਵਜ਼ੀਫਾ ਰਾਸ਼ੀ ਦੇਣ ਸਮੇਤ ਹੋਰ ਕਈ ਸਿੱਖ ਮਸਲੇ ਸ਼ਾਮਿਲ ਹਨ।

SGPC ਵੱਲੋਂ ਪਾਸ ਕੀਤੇ ਗਏ ਪੰਜ ਮਤੇ

ਮਤਾ ਪਹਿਲਾ – ਗੁਰਬਾਣੀ ਦੀ ਪਾਠਕ ਸੁਧਾਈ, ਉਚਾਰਣ ਦੀ ਸ਼ੁੱਧਤਾ ਦੇ ਨਾਂ ਹੇਠ ਗੁਰਬਾਣੀ ਦੇ ਮੂਲ ਪਾਠ ਨਾਲ ਛੇੜ ਛਾੜ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ। ਇਹ ਗੁਰਬਾਣੀ ਭਾਸ਼ਾ, ਵਿਆਕਰਣ, ਲਿਖਤ, ਸਿੱਖ ਧਰਮ, ਮਰਿਆਦਾ ਦੇ ਉਲਟ ਹੈ। SGPC ਇਸਦੀ ਨਿੰਦਾ ਕਰਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਇਸ ਬਾਰੇ ਆਦੇਸ਼ ਤੁਰੰਤ ਜਾਰੀ ਕਰਕੇ ਸਖ਼ਤ ਤਾੜਨਾ ਕੀਤੀ ਜਾਵੇ ਕਿ ਕੋਈ ਵੀ ਵਿਅਕਤੀ, ਜਥੇਬੰਦੀ ਜਾਂ ਸੰਸਥਾ ਗੁਰਬਾਣੀ ਦੀ ਪਾਠਕ ਸੁਧਾਈ ਅਤੇ ਸ਼ੁੱਧ ਉਚਾਰਣ ਦੇ ਨਾਂ ਹੇਠ ਛਪਾ ਰਹੀ ਡਿਜੀਟਲ ਸੰਸਕਰਣ ਤਿਆਰ ਕਰਨ ਦਾ ਹੀਆ ਨਾ ਕਰਨ। ਜੇ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕੀਤੀ ਜਾਵੇ।

ਅੱਜ ਬਹੁਤ ਸਾਰੀਆਂ ਮੋਬਾਈਲ ਐਪਸ ਅਤੇ ਵੈੱਬਸਾਈਟ ਮੌਜੂਦ ਹਨ ਜਿਨ੍ਹਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੀਡੀਐੱਫ਼ ਅਪਲੋਡ ਕੀਤਾ ਹੋਇਆ ਹੈ। ਇਹ ਲੋਕ ਗੁਰਬਾਣੀ ਦੀ ਪ੍ਰਵਾਨਿਕਤਾ ਨੂੰ ਦੇਖੇ ਪਰਖੇ ਬਿਨਾਂ ਹੀ ਵੈੱਬਸਾਈਟਾਂ ਉੱਤੇ ਅਪਲੋਡ ਕਰਕੇ ਸੰਗਤਾਂ ਤੱਕ ਪਹੁੰਚਾ ਰਹੇ ਹਨ, ਇਸ ਲਈ ਇਸ ਵਰਤਾਰੇ ਉੱਤੇ ਰੋਕ ਲੱਗਣੀ ਜ਼ਰੂਰੀ ਹੈ। SGPC ਜਥੇਦਾਰ ਨੂੰ ਅਪੀਲ ਕਰਦਾ ਹੈ ਕਿ ਇਸ ਉੱਤੇ ਵਿਚਾਰ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।

ਮਤਾ ਦੂਜਾ – ਅੰਮ੍ਰਿਤਸਰ ਵਿੱਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੀ ਮੰਗ ਕਰਦਾ ਹੈ। ਜਨਰਲ ਇਜਲਾਸ ਮਹਿਸੂਸ ਕਰਦਾ ਹੈ ਕਿ ਮੌਜੂਦਾ ਸਮੇਂ 50 ਲੱਖ ਦੇ ਕਰੀਬ ਸਿੱਖ ਵੱਖ ਵੱਖ ਦੇਸ਼ਾਂ ਵਿੱਚ ਰਹਿ ਰਹੇ ਹਨ ਜਿਨ੍ਹਾਂ ਨੂੰ ਆਪਣੀ ਮਾਂ ਭੂਮੀ ਆਉਣ ਸਮੇਂ ਵੱਖ ਵੱਖ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਹਵਾਈ ਅੱਡੇ ਨੂੰ ਵਿਕਸਿਤ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਜੋ ਬਹੁਤ ਦੁੱਖ ਦੀ ਗੱਲ ਹੈ।

ਤੀਜਾ ਮਤਾ – ਗੁਰਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਲਿਪੀ ਹੈ। SGPC ਮਹਿਸੂਸ ਕਰਦੀ ਹੈ ਕਿ ਗੁਰਮੁਖੀ ਦੇ ਵਿਕਾਸ ਲਈ ਨਿਰੰਤਰ ਉਪਰਾਲੇ ਕਰਨ ਦੀ ਲੋੜ ਹੈ। ਸਮੁੱਚਾ ਪੰਥ ਹਰੇਕ ਸਾਲ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁਖੀ ਦਿਵਸ ਵਜੋਂ ਮਨਾਇਆ ਕਰੇ। ਇਸ ਦਿਹਾੜੇ ‘ਤੇ ਪੰਜਾਬ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਆਪਣੇ ਪੱਧਰ ‘ਤੇ ਲੋੜਵੰਦ, ਚਾਹਵਾਨ ਬੱਚਿਆਂ ਨੂੰ ਗੁਰਮੁਖੀ ਸਿਖਾਉਣ ਦੇ ਯੋਗ ਪ੍ਰਬੰਧ ਕਰਨਗੀਆਂ। ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿਖੇ ਅਤੇ ਵਿੱਦਿਅਕ ਅਦਾਰਿਆਂ ਵਿੱਚ ਗੁਰਮੁਖੀ ਪੈਂਤੀ ਅਤੇ ਮੁਹਾਰਨੀ ਦੇ ਵੱਡੇ ਵੱਡੇ ਪੱਕੇ ਬੋਰਡ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ।

ਚੌਥਾ ਮਤਾ – ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਵਾਸਤੇ ਵੱਖ ਵੱਖ ਰਸਤਿਆਂ ਨੂੰ ਖੁੱਲ੍ਹਾ ਕਰਕੇ ਸਿੱਖ ਵਿਰਾਸਤੀ ਦਿੱਖ ਦਿੱਤੀ ਜਾਵੇ। ਇਹ ਰਸਤੇ ਤੰਗ ਹੋਣ ਦੇ ਨਾਲ ਨਾਲ ਦੁਕਾਨਦਾਰਾਂ ਵੱਲੋਂ ਆਰਜ਼ੀ ਤੌਰ ‘ਤੇ ਕਬਜ਼ਿਆਂ ਕਰਨ ਕਰਕੇ ਸੰਗਤ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਵਾਂ ਮਤਾ – ਖੁੱਲ੍ਹੇ ਲਾਂਘੇ ਰਾਹੀਂ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਦਰਸ਼ਨਾਂ ਦੀ ਪ੍ਰਕਿਰਿਆ ਸੌਖੀ ਕਰਨ ਦੀ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹੈ।

ਛੇਵਾਂ ਮਤਾ – ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਪਾਕਿਸਤਾਨ ਵਿਖੇ 30 ਅਕਤੂਬਰ 1922 ਨੂੰ ਵਾਪਰਿਆ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਬੇਹੱਦ ਮਹੱਤਵਪੂਰਨ ਪੰਨਾ ਹੈ। ਇਸ ਸਾਕੇ ਨੂੰ ਵਾਪਰਿਆਂ 100 ਸਾਲ ਦਾ ਸਮਾਂ ਹੋ ਗਿਆ ਹੈ। ਖ਼ਾਲਸਾ ਪੰਥ ਇਸਦੀ ਪਹਿਲੀ ਸ਼ਤਾਬਦੀ ਪੰਥਕ ਰਵਾਇਤਾਂ ਮੁਤਾਬਕ ਮਨਾਵੇਗੀ। ਭਾਰਤ ਦੇ ਨਾਲ ਨਾਲ ਪਾਕਿਸਤਾਨ ਵਿਖੇ ਵੀ ਸ਼ਤਾਬਦੀ ਸਮਾਗਮ ਕਰਵਾਏ ਜਾਣੇ ਲਾਜ਼ਮੀ ਹਨ। ਅਸੀਂ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕਰਦਾ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਅਤੇ ਭਾਰਤੀ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣ।

ਸੱਤਵਾਂ ਮਤਾ – SGPC ਖਿਲਾਫ਼ ਕੀਤੇ ਜਾਂਦੇ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਪਿਛਲੇ ਕੁੱਝ ਦਿਨਾਂ ਤੋਂ ਵੇਖਣ ਵਿੱਚ ਆਇਆ ਹੈ ਕਿ ਕੁੱਝ ਲੋਕ ਤੱਥ ਰਹਿਤ ਬਿਆਨਬਾਜੀ ਕਰਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਾ ਰਹੇ ਹਨ। SGPC ਦੇ ਪ੍ਰਬੰਧ ਹੇਠ ਚੱਲਦੇ ਸਾਰੇ ਟਰੱਸਟ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ।

ਅੱਠਵਾਂ ਮਤਾ – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਾ ਹੈ। ਬਹੁਤ ਦੁੱਖ ਦੀ ਗੱਲ ਹੈ ਕਿ ਬਹੁਤੇ ਬੰਦੀ ਸਿੰਘਾਂ ਨੂੰ ਤਾਂ ਪੈਰੋਲ ਦੇ ਸੰਵਿਧਾਨਕ ਹੱਕ ਤੋਂ ਵੀ ਵਾਂਝਾ ਰੱਖਿਆ ਗਿਆ ਹੈ। ਇਸਦੇ ਉਲਟ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਰਾਮ ਰਹੀਮ ਅਤੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ ਅਤੇ ਹੋਰਾਂ ਨੂੰ ਫਰਲੋ ਦੇ ਕੇ ਸਿੱਖਾਂ ਨੂੰ ਚਿੜਾਇਆ ਜਾ ਰਿਹਾ ਹੈ। ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਅਨੇਕਾਂ ਬੰਦੀ ਸਿੰਘ ਆਪਣੀ ਉਮਰ ਦੇ ਸੁਨਹਿਰੀ ਦਿਨ ਜੇਲ੍ਹਾਂ ਵਿੱਚ ਕੱਟ ਚੁੱਕੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ.ਭੁੱਲਰ ਨੂੰ ਰਿਹਾਅ ਕਰਨ ਦੇ ਲਈ ਤਿੰਨ ਵਾਰ ਰੱਖੀਆਂ ਮੀਟਿੰਗਾਂ ਦੌਰਾਨ ਰਿਹਾਈ ਰੱਦ ਕਰਕੇ ਸਿੱਖ ਵਿਰੋਧੀ ਮਾਨਸਕਿਤਾ ਦਾ ਪ੍ਰਗਟਾਵਾ ਕਰ ਰਹੀ ਹੈ।

ਨੌਂਵਾਂ ਮਤਾ – ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹੈ। ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਪਹਿਲਾਂ BBMB ਵਿੱਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦਗੀ ਨੂੰ ਖ਼ਤਮ ਕਰਕੇ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ।

ਦਸਵਾਂ ਮਤਾ – ਭਾਰਤ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਨਾਲ ਸਬੰਧਿਤ ਗੁਰਦੁਆਰਾ ਗਿਆਨ ਗੋਦੜੀ, ਹਰਿ ਕੀ ਪਉੜੀ ਹਰਿਦੁਆਰ ਉਤਰਾਂਚਲ, ਜਗਤਨਾਥ ਪੁਰੀ ਉੜੀਸਾ ਸਮੇਤ ਕਈ ਹੋਰ ਇਤਿਹਾਸਕ ਸਥਾਨਾਂ ਦੇ ਲੰਮੇ ਸਮੇਂ ਤੋਂ ਅਟਕੇ ਮਸਲਿਆਂ ਨੂੰ ਜਲਦ ਹੱਲ ਕਰਨ ਦੀ ਮੰਗ ਕਰਦਾ ਹੈ।

ਗਿਆਰਵਾਂ ਮਤਾ – ਖ਼ਾਲਸਾ ਪੰਥ ਦੇ ਤਿੰਨ ਤਖ਼ਤਾਂ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ। ਇਨ੍ਹਾਂ ਦਾ ਉਦੇਸ਼ ਲੋੜਵੰਦਾਂ ਤੱਕ ਸਸਤੀਆਂ ਦਵਾਈਆਂ ਪਹੁੰਚਾਉਣਾ ਹੈ।

ਬਾਰਵਾਂ ਮਤਾ – ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵਿੱਦਿਆ ਦੇ ਖੇਤਰ ਵਿੱਚ ਸਾਲਾਨਾ ਵਜ਼ੀਫਾ ਰਾਸ਼ੀ ਦਾ ਵੀ ਪ੍ਰਬੰਧ ਕਰਦੀ ਹੈ। ਧਰਮ ਪ੍ਰਚਾਰ ਲਹਿਰ ਤਹਿਤ ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ ਦੇਣ ਦਾ ਉਪਰਾਲਾ ਕਰ ਰਹੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿੱਚ 200 ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਪਿਛਲੇ ਸਾਲ ਤੋਂ ਮੁਫ਼ਤ ਪੜਾਈ, ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਇਸ ਮੁਫ਼ਤ ਵਿੱਦਿਆ ਦੇ ਪ੍ਰੋਗਰਾਮ ਵਿੱਚ ਹੋਰ ਵਿਸਥਾਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਵਿੱਦਿਆ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਵੀ ਸ਼ਰਤਾਂ ਸਾਰੀਆਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਾਲੀਆਂ ਹੀ ਹੋਣਗੀਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਕਰਨ ਤੋਂ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਵੱਖ-ਵੱਖ ਸ਼ਖ਼ਸੀਅਤਾਂ ਸਬੰਧੀ ਸ਼ੋਕ ਮਤੇ ਵੀ ਪੜ੍ਹੇ ਗਏ ਅਤੇ ਪੰਜ ਵਾਰ ਮੂਲ ਮੰਤਰ ਦਾ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ, ਤਖ਼ਤ ਸ੍ਰੀ ਹਰਿੰਮਦਰ ਜੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ, ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ, ਪ੍ਰਸਿੱਧ ਸਿੱਖ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਚੈਰੀਟੇਬਲ ਟਰੱਸਟ ਦੇ ਮੈਂਬਰ ਡਾਕਟਰ ਹਰਦਾਸ ਸਿੰਘ, ਬਾਬਾ ਮਨਜੀਤ ਸਿੰਘ ਹਰਖੋਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਿੰਦਰ ਸਿੰਘ ਰਣੀਆਂ, ਜਥੇਦਾਰ ਹਰਬੰਸ ਸਿੰਘ ਘੁੰਮਣ, ਪ੍ਰਿੰਸੀਪਲ ਭਗਵੰਤ ਸਿੰਘ, ਸੁਖਵਿੰਦਰ ਸਿੰਘ ਝਬਾਲ ਸ਼ਾਮਲ ਹਨ।

ਜਨਰਲ ਇਜਲਾਸ ਸ਼ੁਰੂ ਕਰਨ ਤੋਂ ਪਹਿਲਾਂ ਇਜਲਾਸ ਵਿੱਚ ਸ਼ਾਮਿਲ ਕੁੱਝ ਸਿੱਖ ਆਗੂਆਂ ਵੱਲੋਂ ਬਾਈਕਾਟ ਕੀਤਾ ਗਿਆ। ਜਨਰਲ ਇਜਲਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਕਈ ਸ਼ਖਸੀਅਤਾਂ ਮੌਜੂਦ ਸਨ। ਇਜਲਾਸ ਦੀ ਸ਼ੁਰੂਆਤ ਵਿੱਚ SGPC ਦੇ ਹੋਣ ਵਾਲੇ ਖ਼ਰਚਿਆਂ ਬਾਰੇ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਸ ਵਾਰ ਆਮਦ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 780 ਰੁਪਏ ਵੱਧ ਖਰਚ ਹੋਣ ਦਾ ਅੰਦਾਜ਼ਾ ਹੈ। SGPC ਵੱਲੋਂ ਵਿੱਦਿਅਕ ਅਦਾਰਿਆਂ ਦਾ ਖ਼ਰਚ ਆਮਦਨ ਨਾਲੋਂ 28 ਕਰੋੜ 23 ਲੱਖ 18 ਹਜ਼ਾਰ 795 ਰੁਪਏ ਵੱਧ ਹੋਣ ਦੀ ਸੰਭਾਵਨਾ ਹੈ। ਇਸ ਸਾਲ ਪ੍ਰਿਟਿੰਗ ਪ੍ਰੈੱਸਾਂ ਲਈ ਆਮਦ ਨਾਲੋਂ 1 ਕਰੋੜ 47 ਲੱਖ ਰੁਪਏ ਤੋਂ ਵੱਧ ਦਾ ਖ਼ਰਚ ਹੋਣ ਦਾ ਅੰਦਾਜ਼ਾ ਹੈ।