India Punjab

ਲੋਕ ਸਭਾ ‘ਚ ਬੰਦੀ ਸਿੰਘਾਂ ਲਈ ਗਰਜੀ ਹਰਸਿਮਰਤ ਕੌਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਕਈ ਸਿੱਖ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਸਾਲ 1984 ਵਿੱਚ ਸਾਡੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਂਕਾਂ, ਤੋਪਾਂ ਦੇ ਨਾਲ ਹਮਲਾ ਕੀਤਾ ਸੀ ਤਾਂ ਉਸ ਸਮੇਂ ਸਾਡੇ ਕੁੱਝ ਸਿੱਖ ਵੀਰਾਂ ਨੇ ਭਾਵਨਾਵਾਂ ਵਿੱਚ ਵਹਿ ਕੇ ਇਸ ਤਰ੍ਹਾਂ ਦੇ ਕਦਮ ਉਠਾ ਲਏ ਸਨ, ਜਿਸ ਕਰਕੇ ਉਨ੍ਹਾਂ ਨੂੰ ਸਜ਼ਾ ਹੋਈ। ਹੁਣ ਉਨ੍ਹਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਰੋਕਣ ਉੱਤੇ ਕੇਜਰੀਵਾਲ ਸਰਕਾਰ ਨੂੰ ਘੇਰਿਆ ਹੈ ਅਤੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕੀ ਬੰਦੀ ਸਿੰਘਾਂ ਨੂੰ ਉਹ ਰਿਹਾਅ ਕਰੇਗੀ ਜਾਂ ਨਹੀਂ

ਹਾਲਾਂਕਿ, 9 ਫਰਵਰੀ 2022 ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਜਥੇਬੰਦੀਆਂ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਸੀ। ਬੰਦੀ ਸਿੰਘਾਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ‘ਤੇ ਪੰਥਕ ਸੇਵਾ ਵਿੱਚ ਲੱਗੇ ਵੱਖ-ਵੱਖ ਨੌਜਵਾਨ ਜਥਿਆਂ ਰਾਹੀਂ ਸਰਗਰਮ ਪੰਥ ਸੇਵਕਾਂ ਅਤੇ ਕਾਰਕੁੰਨਾਂ ਨੇ ਦਾਅਵਾ ਕੀਤਾ ਹੈ ਕਿ ਕੁੱਲ 9 ਬੰਦੀ ਸਿੰਘ ਅਜਿਹੇ ਹਨ, ਜਿਹੜੇ 25 ਸਾਲ ਤੋਂ ਵੀ ਵੱਧ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ।

ਇਹਨਾਂ ਬੰਦੀ ਸਿੰਘਾਂ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਦੀਪ ਸਿੰਘ ਖੇੜਾ ਸ਼ਾਮਿਲ ਹਨ। ਸਿੰਘਾਂ ਨੇ ਕਿਹਾ ਕਿ ਭਾਰਤ ਦੇ ਕਾਨੂੰਨ ਮੁਤਾਬਿਕ ਇਹਨਾਂ ਬੰਦੀ ਸਿੰਘਾਂ ਦੇ ਮਾਮਲੇ ਪੱਕੀ ਰਿਹਾਈ ਕਰ ਦੇਣ ਲਈ ਯੋਗ ਤੇ ਢੁੱਕਵੇਂ ਮਾਮਲੇ ਹਨ, ਕਾਨੂੰਨ ਮੁਤਾਬਕ ਵੀ ਹੁਣ ਉਹਨਾਂ ਨੂੰ ਰਿਹਾਅ ਕਰਨਾ ਬਣਦਾ ਹੈ। ਕੇਂਦਰ ਸਰਕਾਰ ਨੇ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰੋ. ਭੁੱਲਰ ਦੀ ਰਿਹਾਈ ਦਾ ਐਲਾਨ ਕੀਤਾ ਸੀ।