Punjab

ਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਨਾ ਕਰੇ ਸਰਕਾਰ : ਸ਼੍ਰੋਮਣੀ ਕਮੇਟੀ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਮਦਦ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਠੁਕਰਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਇੱਕ ਬਿਆਨ ਜਾਰੀ ਕੀਤਾ ਗਿਆ ਸੀ ,ਜਿਸ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਪ੍ਰਤੀਕਰਮ ਦਿੱਤਾ ਤੇ ਇਸ ਨੂੰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਦਸਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਆਪਣੇ ਕੰਮ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕੰਮ ਵੱਖਰਾ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੇ ਸੁੰਦਰੀਕਰਨ ਅਤੇ ਉਨ੍ਹਾਂ ਨੂੰ ਖੁੱਲਾ ਕਰਨ ਲਈ ਕਿਹਾ । ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿੱਤੀ ਸਥਿਤੀ ਦਾ ਹਵਾਲਾ ਵੀ ਦਿਤਾ ਤੇ ਕਿਹਾ ਕਿ ਸਰਕਾਰ ਐੱਸਸੀ ਸਕਾਲਰਸ਼ਿਪ ਦੀ ਦਿੱਤੀ ਜਾਣ ਵਾਲੀ ਕਰੋੜਾਂ ਰੁਪਏ ਦੀ ਰਕਮ ਨੂੰ ਜਾਰੀ ਕਰੇ,ਜੇ ਉਹਨਾਂ ਰੋਕੀ ਹੋਈ ਹੈ।