Punjab

ਔਜਲਾ ਦੇ ਅੰਦਰ ਜਾਗੀ ਸੇਵਾ ਦੀ ਇੱਛਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਪਾਸੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਲਈ ਭੇਜੀ ਗਈ ਫਾਈਲ ਦੀ ਇੱਕ ਕਾਪੀ ਮੰਗੀ ਹੈ ਤਾਂ ਜੋ ਛੇਤੀ ਤੋਂ ਛੇਤੀ ਕੇਂਦਰ ਸਰਕਾਰ ਪਾਸੋਂ ਮਨਜ਼ੂਰੀ ਪ੍ਰਾਪਤ ਕਰਵਾਈ ਜਾਵੇ ਅਤੇ ਸੰਗਤਾਂ ਲਾਈਵ ਪ੍ਰਸਾਰਣ ਦਾ ਲਾਹਾ ਲੈ ਸਕਣ।

ਔਜਲਾ ਨੇ ਚਿੱਠੀ ਵਿੱਚ ਲਿਖਿਆ ਕਿ ਮੈਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਵੱਲੋਂ ਵਸਾਏ ਗਏ ਇਸ ਨਗਰ ਤੋਂ ਬਤੌਰ ਲੋਕ ਸਭਾ ਮੈਂਬਰ ਹਾਂ, ਜਿਸ ਕਰਕੇ ਮੇਰਾ ਇਹ ਫਰਜ਼ ਬਣਦਾ ਹੈ ਕਿ ਮੈਂ ਇਸ ਪਵਿੱਤਰ ਕਾਰਜ ਦੇ ਲਈ ਆਪਣੀ ਜ਼ਿੰਮੇਵਾਰੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਿਭਾਵਾਂ।

ਦਰਅਸਲ, ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਪੰਜਾਬ ਸਰਕਾਰ ਵੱਲੋਂ ਸੇਵਾਵਾਂ ਦੇਣ ਦੀ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੀ ਮੰਗ ਠੁਕਰਾਉਂਦਿਆਂ ਕਿਹਾ ਸੀ ਕਿ ਜੇ ਪੰਜਾਬ ਸਰਕਾਰ ਕੁੱਝ ਕਰਨਾ ਚਾਹੁੰਦੀ ਹੈ ਤਾਂ ਉਹ ਕੇਂਦਰ ਸਰਕਾਰ ਦੇ ਪ੍ਰਸਾਰਣ ਮੰਤਰਾਲੇ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦੀ ਕੀਤੀ ਗਈ ਮੰਗ ਦੀ ਮਨਜ਼ੂਰੀ ਦਿਵਾਏ।

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਤੌਰ ਉੱਤੇ ਕਿਹਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਆਪ ਤਿਆਰ ਕਰੇ, ਲਾਂਚ ਕਰੇ। ਜਿੰਨਾ ਚਿਰ ਨਵੇਂ ਚੈਨਲ ਦੀ ਸਾਰੀ ਕਾਰਵਾਈ ਸਿਰੇ ਨਹੀਂ ਚੜਦੀ, ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈਟੀ ਵਿੰਗ ਆਪਣੇ ਯੂਟਿਊਬ ਚੈਨਲ, ਵੈੱਬ ਚੈਨਲ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਿੱਖ ਸੰਗਤ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰੇ। ਇਸਦੇ ਲਈ ਇੱਕ ਹਫ਼ਤੇ ਦਾ ਸਮਾਂ ਲੱਗੇਗਾ, ਕਿਉਂਕਿ ਸਾਰਾ ਸਮਾਨ ਜਿਵੇਂ ਕਿ ਕੈਮਰੇ, ਤਾਰਾਂ ਖਰੀਦਣੀਆਂ ਹਨ।

ਜਥੇਦਾਰ ਨੇ ਕਿਹਾ ਕਿ ਸਮੱਸਿਆ ਪੈਸਾ ਨਹੀਂ ਹੈ ਬਲਕਿ ਸਮੱਸਿਆ ਇਹ ਹੈ ਕਿ ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਕੋਲੋਂ ਜੋ ਮਨਜ਼ੂਰੀਆਂ ਲੈਣੀਆਂ ਹਨ, ਉਹ ਹੈ। ਜਥੇਦਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੈਨਲ ਖੋਲ੍ਹਣ ਦੀ ਮਨਜ਼ੂਰੀ ਲੈ ਕੇ ਦੇਵੇ। ਅਸੀਂ ਉਸ ਚੈਨਲ ਦੇ ਮਾਧਿਅਮ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਨਾਲ ਨਾਲ ਧਾਰਮਿਕ ਸਰਗਰਮੀਆਂ ਸੰਗਤ ਵਿੱਚ ਪਹੁੰਚਾਵਾਂਗੇ।