India

ਸਰਕਾਰ ਵੱਲੋਂ ਜੀਐਸਟੀ ਦੀਆਂ ਦਰਾਂ ਵਧਾਉਣ ਦੀ ਤਿਆਰੀ

ਦ ਖ਼ਾਲਸ ਬਿਊਰੋ : ਵਸਤੂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ ਅਗਲੇ ਮਹੀਨੇ ਹੋਣ ਵਾਲੀ ਬੈਠਕ ‘ਚ ਪੰਜ ਫੀਸਦੀ ਟੈਕਸ ਸਲੈਬ ਨੂੰ ਖਤਮ ਕਰਨ ਦੇ ਪ੍ਰਸਤਾਵ ‘ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਦੀ ਬਜਾਏ ਕੁਝ ਜ਼ਿਆਦਾ ਖਪਤ ਵਾਲੇ ਉਤਪਾਦਾਂ ਨੂੰ ਤਿੰਨ ਫੀਸਦੀ ਅਤੇ ਬਾਕੀਆਂ ਨੂੰ ਅੱਠ ਫੀਸਦੀ ਦੀ ਸਲੈਬ ਵਿੱਚ ਰੱਖਿਆ ਜਾ ਸਕਦਾ ਹੈ। ਜ਼ਿਆਦਾਤਰ ਰਾਜ ਮਾਲੀਆ ਵਧਾਉਣ ਲਈ ਇਕਮਤ ਹਨ ਤਾਂ ਜੋ ਉਨ੍ਹਾਂ ਨੂੰ ਮੁਆਵਜ਼ੇ ਲਈ ਕੇਂਦਰ ‘ਤੇ ਨਿਰਭਰ ਨਾ ਹੋਣਾ ਪਵੇ। ਮੌਜੂਦਾ ਸਮੇਂ ਜੀਐੱਸਟੀ ਵਿੱਚ 5, 12, 18 ਅਤੇ 28 ਪ੍ਰਤੀਸ਼ਤ ਦੇ ਚਾਰ ਟੈਕਸ ਸਲੈਬ ਹਨ। ਇਸ ਤੋਂ ਇਲਾਵਾ ਸੋਨੇ ਅਤੇ ਸੋਨੇ ਦੇ ਗਹਿਣਿਆਂ ‘ਤੇ ਤਿੰਨ ਫੀਸਦੀ ਟੈਕਸ ਲੱਗਦਾ ਹੈ।

ਕੁਝ ਗੈਰ-ਬ੍ਰਾਂਡਿਡ ਅਤੇ ਬਗ਼ੈਰ ਪੈਕਿੰਗ ਉਤਪਾਦ ਹਨ, ਜੋ ਜੀਐੱਸਟੀ ਦੇ ਘੇਰੇ ’ਚ ਨਹੀਂ। ਸੂਤਰਾਂ ਨੇ ਦੱਸਿਆ ਕਿ ਮਾਲੀਆ ਵਧਾਉਣ ਲਈ ਕੌਂਸਲ ਕੁਝ ਗੈਰ-ਖਰਾਕੀ ਵਸਤੂਆਂ ਨੂੰ ਤਿੰਨ ਫੀਸਦੀ ਸਲੈਬ ਵਿੱਚ ਲਿਆ ਕੇ ਛੋਟ ਵਾਲੀਆਂ ਵਸਤਾਂ ਦੀ ਸੂਚੀ ਵਿੱਚ ਕਟੌਤੀ ਕਰਨ ਦਾ ਫੈਸਲਾ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਫੀਸਦੀ ਸਲੈਬ ਨੂੰ ਵਧਾ ਕੇ 7 ਜਾਂ 8 ਜਾਂ 9 ਫੀਸਦੀ ਕਰਨ ‘ਤੇ ਚਰਚਾ ਚੱਲ ਰਹੀ ਹੈ।