Punjab

ਮੰਤਰੀਆਂ ਨੂੰ ਨਹੀਂ ਭੇਂਟ ਕੀਤੇ ਜਾਣਗੇ ਗੁਲਦਸਤੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਰਕਾਰੀ ਸਮਾਗਮਾਂ ਵਿੱਚ ਮੰਤਰੀਆਂ ਨੂੰ ਗੁਲਦਸਤੇ ਭੇਂਟ ਕਰਨ ਅਤੇ ਸਮਾਗਮਾਂ ਵਿੱਚ ਪਲਾਸਟਿਕ ਦੀਆਂ ਬੋਤਲਾਂ ਵਿੱਚ ਪਾਣੀ ਪਰੋਸਣ ਉੱਤੇ ਰੋਕ ਲਾ ਦਿੱਤੀ ਹੈ। ਸਿਹਤ ਵਿਭਾਗ ਨੇ ਇਹ ਫੈਸਲਾ ਪ੍ਰਦੂਸ਼ਣ ਘੱਟ ਕਰਨ ਅਤੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਗੁਰਿੰਦਰਬੀਰ ਸਿੰਘ ਨੇ ਕਿਹਾ ਹੈ ਕਿ ਵਿਭਾਗ ਦੇ ਹੁਕਮ ਤੁਰੰਤ ਲਾਗੂ ਮੰਨੇ ਜਾਣਗੇ।

ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵੱਲੋਂ ਸਾਂਝੇ ਤੌਰ ਉੱਤੇ ਸਰਕਾਰੀ ਸਮਾਗਮਾਂ ਵਿੱਚ ਪਾਣੀ ਦੀਆਂ ਬੋਤਲਾਂ ਦੀ ਵਰਤੋਂ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਦੋਹਾਂ ਵਿਭਾਗਾਂ ਦੇ ਫੈਸਲੇ ਵਿੱਚ ਸ਼ਾਮਿਲ ਹੋਣ ਵਾਲੇ ਮੰਤਰੀਆਂ ਅਤੇ ਹੋਰ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਨਹੀਂ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਲਾਸਟਿਕ ਦੀ ਵਰਤੋਂ ਉੱਤੇ ਪਹਿਲਾਂ ਹੀ ਰੋਕ ਲਾਈ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਪਲਾਸਟਿਕ ਦੀ ਵਰਤੋਂ ਨੂੰ ਹਾਨੀਕਾਰਕ ਦੱਸ ਕੇ ਇਸਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਬਾਵਜੂਦ ਇਸਦੇ ਪੰਜਾਬ ਭਰ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਧੜੱਲੇ ਨਾਲ ਹੋ ਰਹੀ ਹੈ। ਪੰਜਾਬ ਦੀ ਰਾਜਧਾਨੀ ਅਤੇ ਏਸ਼ੀਆ ਦੇ ਸਭ ਤੋਂ ਆਧੁਨਿਕ ਮੰਨੇ ਜਾਂਦੇ ਸ਼ਹਿਰ ਚੰਡੀਗੜ੍ਹ ਵਿੱਚ ਵੀ ਪਲਾਸਟਿਕ ਉੱਤੇ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਜਾ ਸਕੀ।

ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਜਨਤਕ ਥਾਂਵਾਂ ਉੱਤੇ ਨਾ ਕਰਨ ਦੇ ਹੁਕਮ ਵੀ ਹਵਾ ਹੋ ਰਹੇ ਹਨ। ਇੱਥੋਂ ਤੱਕ ਕਿ ਧਾਰਮਿਕ ਸ਼ਹਿਰਾਂ ਨੂੰ ਤੰਬਾਕੂ ਮੁਕਤ ਕਰਨ ਦੇ ਯਤਨਾਂ ਨੂੰ ਵੀ ਬੂਰ ਨਹੀਂ ਪੈ ਸਕਿਆ। ਉਂਝ, ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਤਾਜ਼ਾ ਹੁਕਮ ਆਪਣੇ ਘਰੋਂ ਸ਼ੁਰੂ ਕਰਨ ਦਾ ਫੈਸਲਾ ਸ਼ਲਾਘਾਯੋਗ ਵੀ ਹੈ ਅਤੇ ਦੂਜੇ ਸਰਕਾਰੀ ਵਿਭਾਗਾਂ ਲਈ ਇੱਕ ਉਦਾਹਰਣ ਵੀ ਬਣੇਗਾ।