‘ਦ ਖ਼ਾਲਸ ਬਿਊਰੋ : ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਪੰਜਾਬ ਪ੍ਰਦੇਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਬਾਰੇ ਅੰਤਿਮ ਫੈਸਲਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤਾਰਿਕ ਅਨਵਰ ਨੇ ਕਿਹਾ ਕਿ ਅੱਜ ਆਲ ਇੰਡਿਆ ਕਾਂਗਰਸ ਕਮੇਟੀ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੁਨੀਲ ਜਾਖੜ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਕਮੇਟੀ ਨੇ ਫੈਸਲਾ ਲਿਆ ਹੈ, ਉਹ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਦੱਸ ਦਈਏ ਕਿ ਸੁਨੀਲ ਜਾਖੜ ਨੇ ਜੀ-23 ਦੇ ਆਗੂਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਹਾਈਕਮਾਨ ਉਨ੍ਹਾਂ ਆਗੂਆਂ ਨੂੰ ਐਨਾ ਸਿਰ ’ਤੇ ਨਾ ਬਿਠਾਏ ਜਿਹੜੇ ਪਾਰਟੀ ਦੇ ਰੁਤਬੇ ਨੂੰ ਢਾਹ ਲਗਾ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਤੇ ਦੋ ਸ਼ ਲਗਾਇਆ ਜਾ ਰਿਹਾ ਸੀ ਕਿ ਜਾਖੜ ਨੇ ਇਹ ਇਸ਼ਾਰਾ ਚੰਨੀ ਵੱਲ ਕਰ ਕੇ ਇੱਕ ਦਲਿਤ ਆਗੂ ਦੀ ਬੇਇੱਜ਼ਤੀ ਕੀਤੀ ਹੈ। ਕਾਂਗਰਸ ਹਾਈਕਮਾਂਡ ਨੇ ਜਾਖੜ ਦੇ ਵਿਵਾਦ ਬਿਆਨ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਜਿਸ ਦਾ ਸੁਨੀਲ ਜਾਖੜ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਸੀ।