‘ਦ ਖਾਲਸ ਬਿਊਰੋ :- ਪੰਜਾਬ ਦੇ ਚਰਚਿਤ ਸਾਬਕਾ DGP ਸੁਮੇਧ ਸੈਣੀ ਦੀ ਮੁਲਤਾਨੀ ਅਗਵਾ ਕੇਸ ਮਾਮਲੇ ‘ਚ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਟਲ ਗਈ ਹੈ। ਮਾਮਲਾ 29 ਸਾਲ ਪਹਿਲਾ ਦਾ ਹੈ। ਸੁਮੇਧ ਸੈਣੀ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ । ਮੋਹਾਲੀ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਮੁੜ ਤੋਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ, ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ ਦੀ ਤਾਰੀਕ 6 ਜੁਲਾਈ ਤੱਕ ਅੱਗੇ ਪਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵਾਈ ਲਈ ਵਿਸ਼ੇਸ਼ ਤੌਰ ਤੇ ਸਰਕਾਰੀ ਵਕੀਲ ਨਿਯੁਕਤ ਕੀਤੇ ਗਏ। ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿਚਕਾਰ ਭਖਵੀਂ ਬਹਿਸ ਹੋਈ। ਇਸ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਖਾਸ ਤੌਰ ‘ਤੇ ਮੌਜੂਦ ਸਨ।