Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

‘ਦ ਖਾਲਸ ਬਿਊਰੋ:ਕਿਸਾਨਾਂ ਦੀਆਂ ਵੱਖੋ-ਵੱਖ ਮੰਗਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਹੋਏ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ।ਮਾਲਵੇ ਦੇ ਜਿਲ੍ਹਾ ਮਾਨਸਾ ਦੇ ਦਰਜਨਾਂ ਪਿੰਡਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਬੀਕੇਯੂ ਡਕੌਦਾ ਸਮੇਤ ਜੱਥੇਬੰਦੀਆਂ ਦੀ ਅਗਵਾਈ ਵਿੱਚ ਮਾਨਸਾ ਨਹਿਰੀ ਵਿਭਾਗ ਦੇ ਦਫ਼ਤਰ ਵਿੱਚ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕਿਸਾਨਾਂ ਨੂੰ ਰਾਜ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣੀ ਫ਼ਸਲ ਬੀਜ ਸਕਣ।ਇਸ ਵਕਤ ਪੰਜਾਬ ਭਰ ਵਿੱਚ ਚੱਲ ਰਹੇ ਬਿਜਲੀ ਦੇ ਸੰਕਟ ਕਾਰਨ ਕਿਸਾਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਆਪਣੇ ਵਿਚਾਰ ਸਾਂਝੇ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਹੋਣ ਕਾਰਨ ਪਾਣੀ ਦੀ ਘਾਟ ਹੋ ਰਹੀ ਹੈ ਤੇ ਫ਼ਸਲਾਂ ਦੀ ਬਿਜਾਈ ਪਛੜ ਕੇ ਹੋ ਰਹੀ ਹੈ ਤੇ ਬੀਜੀਆਂ ਫ਼ਸਲਾਂ ਦੀ ਵੀ ਬਰਬਾਦੀ ਹੋ ਰਹੀ ਹੈ, ਜਿਸ ਕਾਰਨ ਕਿਸਾਨ ਅੱਜ ਧਰਨਾ ਦੇਣ ਲਈ ਮਜ਼ਬੂਰ ਹਨ। ਉਹਨਾਂ ਕਿਹਾ ਕਿ ਜੇਕਰ ਨਹਿਰੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਮਾਨਸੇ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਨਹਿਰਾਂ ਵਿੱਚ ਕਿਸਾਨੀ ਲੋੜਾਂ ਲਈ ਲਗਾਤਾਰ ਪਾਣੀ ਜਾਰੀ ਰੱਖਣ ਦੀ ਮੰਗ ‘ਤੇ ਦੋਆਬਾ ਕਿਸਾਨ ਯੂਨੀਅਨ ਨੇ ਵੀ ਜਿਲ੍ਹੇ ਦੇ ਡਿੱਪਟੀ ਕਮਿਸ਼ਨਰ ਰਾਹੀਂ ਐਸਡੀਓ ਨਹਿਰੀ ਵਿਭਾਗ,ਨਵਾਂਸ਼ਹਿਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਹਨ।