India Punjab

ਅਰੁਣਾਚਲ ਵਿੱਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਰੁਣਾਚਲ ਪ੍ਰਦੇਸ਼ ਵਿਚ ਪੈਟਰੋਲਿੰਗ ਕਰਦੇ ਹੋਏ ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਸ਼ਹੀਦ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸੂਬੇਦਾਰ ਹਰਦੀਪ ਸਿੰਘ ਨੂੰ ਉਨ੍ਹਾਂ ਦੇ ਪਿੰਡ ‘ਚ ਹੀ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪਰਿਵਾਰ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇੱਕ ਬਹਾਦਰ ਯੋਧਾ ਸਨ ਅਤੇ ਕੌਮ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮਿਲਟਰੀ, ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਸਨ, ਜੋ 6 ਮਈ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।