Punjab

ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜ ਤਾਲ ਸ਼ੁਰੂ

ਦ ਖ਼ਾਲਸ ਬਿਊਰੋ : ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜ ਤਾਲ ਕੀਤੀ ਗਈ ਹੈ। ਇਸ ਹੜਤਾਲ ਵਿੱਚ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ, ਸੰਗਰੂਰ ਲੁਧਿਆਣਾ ਜ਼ਿਲ੍ਹੇ ਸ਼ਾਮਿਲ ਹਨ। ਇਸ ਤਹਿਤ ਨਾਭਾ ਵਿੱਚ ਵੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਆਪਣੇ ਦਫ਼ਤਰ ਵਿੱਚ ਪਹੁੰਚ ਕੇ ਸਿਰ ਉੱਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਲਮ ਛੋੜ ਹੜਤਾਲ ਕੀਤੀ ਗਈ। ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਕੰਪਨੀ ਉਨ੍ਹਾਂ ਨੂੰ ਅੱਠ ਤੋਂ ਲੈ ਕੇ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚੱਲਦਾ ਹੈ।

ਮੁਲਾਜ਼ਮਾਂ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ ਸਰਕਾਰ ਵੇਲੇ ਹਰ ਜ਼ਿਲ੍ਹੇ, ਹਰ ਤਹਿਸੀਲ, ਹਰ ਪਿੰਡ ਵਿੱਚ ਸੇਵਾ ਕੇਂਦਰ ਖੋਲ੍ਹੇ ਗਏ ਸਨ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਅੱਜ ਉਹ ਹੀ ਮੁਲਾਜ਼ਮ ਹੁਣ ਹੜਤਾਲ ‘ਤੇ ਚਲੇ ਗਏ ਹਨ ਕਿਉਂਕਿ ਪਿਛਲੇ ਲੰਬੇ ਅਰਸੇ ਤੋਂ ਇਹ ਮੁਲਾਜ਼ਮ ਅੱਠ ਤੋਂ ਲੈ ਕੇ ਦਸ ਹਜ਼ਾਰ ਰੁਪਏ ਵਿੱਚ ਹੀ ਘਰ ਦਾ ਗੁਜ਼ਾਰਾ ਕਰ ਰਹੇ ਹਨ।

ਸੇਵਾ ਕੇਂਦਰ ਦੇ ਇੰਚਾਰਜ ਸੁਖਵਿੰਦਰ ਸਿੰਘ ਤੇ ਮੁਲਾਜ਼ਮ ਪ੍ਰਿੰਸ ਨੇ ਕਿਹਾ ਕਿ ਸਰਕਾਰ ਸਾਡੇ ਤੋਂ ਜ਼ਿਆਦਾ ਕੰਮ ਲੈ ਰਹੀ ਹੈ ਤੇ ਤਨਖਾਹ ਘੱਟ ਹੈ। ਇਸ ਕਰਕੇ ਸਾਡੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ, ਜਿਸ ਕਰਕੇ ਅੱਜ ਅਸੀਂ ਕਲਮ ਛੋੜ ਹੜਤਾਲ ਕਰਨ ਲਈ ਮਜ਼ਬੂਰ ਹਾਂ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਵੱਧਦੀ ਮਹਿੰਗਾਈ ਨੇ ਪਹਿਲਾਂ ਹੀ ਲੱਕ ਤੋੜ ਕੇ ਰੱਖ ਦਿੱਤਾ ਹੈ ਤੇ ਦੂਜੇ ਪਾਸੇ ਅੱਠ ਤੋਂ ਲੈ ਕੇ ਦਸ ਹਜ਼ਾਰ ਤਨਖਾਹ ਦੇ ਨਾਲ ਸਾਡੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ, ਸੋ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਡੀਆਂ ਤਨਖਾਹਾਂ ਵਧਾਵੇ ਤਾਂ ਜੋ ਅਸੀਂ ਘਰ ਦਾ ਗੁਜ਼ਾਰਾ ਵਧੀਆ ਤਰੀਕੇ ਨਾਲ ਕਰ ਸਕੀਏ।