Punjab

ਨਹੀਂ ਰਹੇ ਜਥੇਦਾਰ ਤੋਤਾ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਾਡੇ ਤੋਂ ਸਦਾ ਲਈ ਵਿਛੜ ਗਏ ਹਨ। ਜਥੇਦਾਰ ਤੋਤਾ ਸਿੰਘ ਉਹ ਸ਼ਖਸੀਅਤ ਹਨ ਜਿਨ੍ਹਾਂ ਨੂੰ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਖੇਤਰ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਹ ਪੰਜਾਬ ਸਰਕਾਰ ਵਿੱਚ ਦੋ ਵਾਰ ਮੰਤਰੀ ਰਹੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਉਂਦੇ ਰਹੇ ਹਨ।

ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ 1997 ਤੋਂ 2002 ਤੱਕ ਸਿੱਖਿਆ ਮੰਤਰੀ ਰਹੇ ਹਨ। ਉਸ ਤੋਂ ਅਗਲੀ ਵਾਰ ਬਾਦਲ ਦੀ 2012 ਤੋਂ 2017 ਦੀ ਹਕੂਮਤ ਵੇਲੇ ਖੇਤੀਬਾੜੀ ਮੰਤਰੀ ਦੇ ਨਾਲ ਨਾਲ ਐੱਨਆਰਆਈ ਮਾਮਲੇ ਦੇਖਦੇ ਰਹੇ ਹਨ। ਉਹਨਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਿਸਮਤ ਅਜ਼ਮਾਈ ਸੀ। ਉਨ੍ਹਾਂ ਦੇ ਬੇਟੇ ਬਰਜਿੰਦਰ ਸਿੰਘ ਮੱਖਣ ਵੀ ਚੋਣ ਮੈਦਾਨ ਵਿੱਚ ਨਿੱਤਰੇ ਸਨ। ਸ਼੍ਰੋਮਣੀ ਅਕਾਲੀ ਦਲ ਵਿੱਚ ਉਹ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦੀ ਹਾਈ ਪਾਵਰ ਕਮੇਟੀ ਦਾ ਮੈਂਬਰ ਹੋਣ ਦਾ ਵੀ ਮਾਣ ਪ੍ਰਾਪਤ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵੀ ਉਨ੍ਹਾਂ ਨੂੰ ਮਾਣਯੋਗ ਥਾਂ ਦਿੱਤਾ ਜਾਂਦਾ ਰਿਹਾ ਹੈ। ਉਹ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ਵਾਸ ਪਾਤਰਾਂ ਵਿੱਚੋਂ ਇੱਕ ਸਨ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਉਨ੍ਹਾਂ ਦੀ ਬਰਾਬਰ ਦੀ ਨੇੜਤਾ ਹੈ।

ਪਿਛਲੇ ਲੰਮੇ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਅੱਜ ਉਹ ਬਿਮਾਰੀ ਅੱਗੇ ਹਾਰ ਗਏ। ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 81 ਵਰ੍ਹੇ ਪੂਰੇ ਕੀਤੇ ਸਨ। ਜਥੇਦਾਰ ਤੋਤਾ ਸਿੰਘ ਦੇ ਕੈਬਨਿਟ ਮੰਤਰੀ ਦੇ ਦੋਨਾਂ ਕਾਰਜਕਾਲਾਂ ਦੌਰਾਨ ਵਿਵਾਦਾਂ ਨਾਲ ਨਾਂ ਜੁੜਦਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 18 ਅਪ੍ਰੈਲ ਨੂੰ ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਮੁਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਗਏ ਸਨ। ਸੁਖਬੀਰ ਸਿੰਘ ਬਾਦਲ ਨੇ ਅੱਜ ਉਹਨਾਂ ਦੇ ਦੇਹਾਂਤ ਉੱਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ ਦੀ ਅਰਦਾਸ ਕੀਤੀ।