Punjab

‘ਆਪ’ ਨੇ ਕੀਤੀ ਪਹਿਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਪਹਿਲ ਕਰਦਿਆਂ ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਦਾ ਨਾਂ ਐਲਾਨ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਪਾਰਟੀ ਦੀ ਟਿਕਣ ਦੇਣ ਦੀ ਚਰਚਾ ਦਾ ਭੋਗ ਪੈ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪ੍ਰਧਾਨ ਸਿਮਰਜੀਤ ਸਿੰਘ ਮਾਨ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ।

ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰ ਦੀ ਚੋਣ ਲਈ ਭਲਕ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਉਮੀਦਵਾਰ ਦੀ ਚੋਣ ਨੂੰ ਲੈ ਕੇ ਭੰਬਲਭੂਸੇ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਸਿਮਰਜੀਤ ਸਿੰਘ ਮਾਨ ਨੂੰ ਹਮਾਇਤ ਦੇਣ ਬਾਰੇ ਵਿਚਾਰ ਕਰ ਰਿਹਾ ਹੈ ਪਰ ਦੂਜੇ ਪਾਸੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਦੀ ਪਿੱਠ ਵੀ ਥਾਪੜੀ ਜਾ ਰਹੀ ਹੈ। ਸਿੱਖ ਜਥੇਬੰਦੀਆਂ ਨੇ ਬੀਤੇ ਕੱਲ੍ਹ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਟਿਕਟ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ।