Punjab

ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ ਸਾਧੂ ਨੂੰ ਬਚਾਉਣ ਵਾਲੇ ਕਾਂਗਰਸੀ ਡੱ ਕੇ ਥਾ ਣੇ ‘ਚ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੇ ਕਾਂਗਰਸੀ ਲੀਡਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਚੰਡੀਗੜ੍ਹ ਪੁਲਿਸ ਦੀਆਂ ਦੋ ਗੱਡੀਆਂ ਸੀਐੱਮ ਮਾਨ ਦੀ ਰਿਹਾਇਸ਼ ‘ਚ ਕਾਂਗਰਸੀ ਨੂੰ ਹਿਰਾਸਤ ਵਿੱਚ ਲੈਣ ਲਈ ਗਈਆਂ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕਾਂਗਰਸੀ ਲੀਡਰਾਂ ਦਾ ਇੱਕ ਵਫ਼ਦ ਕੁੱਝ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਕਰਨ ਲਈ ਗਿਆ ਸੀ ਪਰ ਉਨ੍ਹਾਂ ਦੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਨਰਾਜ਼ ਹੋ ਕੇ ਕਾਂਗਰਸੀਆਂ ਵੱਲੋਂ ਸੀਐੱਮ ਮਾਨ ਦੀ ਰਿਹਾਇਸ਼ ਦੇ ਬਾਹਰ ਹੀ ਧਰਨਾ ਲਾ ਦਿੱਤਾ ਗਿਆ।

ਧਰਨੇ ਉੱਤੇ ਬੈਠੇ ਰਾਜਾ ਵੜਿੰਗ ਨੇ ਕਿਹਾ ਸੀ ਕਿ ਮੁੱਖ ਮੰਤਰੀ ਨੇ ਕੱਲ੍ਹ ਸਾਨੂੰ ਮਿਲਣ ਲਈ ਸਮਾਂ ਦਿੱਤਾ ਸੀ ਅਤੇ ਅੱਜ ਜਦੋਂ ਅਸੀਂ ਕਰੀਬ 50 ਕੁ ਬੰਦੇ ਉਨ੍ਹਾਂ ਨੂੰ ਮਿਲਣ ਵਾਸਤੇ ਪਹੁੰਚੇ ਤਾਂ ਸਾਨੂੰ ਪੌਣਾ ਘੰਟਾ ਬਾਹਰ ਗੇਟ ਉੱਤੇ ਖੜਾ ਕਰਕੇ ਅੰਦਰ ਬੁਲਾਇਆ ਗਿਆ। ਜਦੋਂ ਸਾਨੂੰ ਅੰਦਰ ਬੁਲਾਇਆ ਗਿਆ ਤਾਂ ਸਾਡੀ ਚੈਕਿੰਗ ਕੀਤੀ ਗਈ ਅਤੇ ਸਾਡੇ ਮੋਬਾਈਲ ਵੀ ਰਖਵਾਏ ਗਏ। ਇਹ ਪਹਿਲਾਂ ਕਦੇ ਵੀ ਨਹੀਂ ਹੋਇਆ ਸੀ। ਅੰਦਰ ਜਾ ਕੇ ਸਾਨੂੰ ਪੌਣਾ ਘੰਟਾ ਇੰਤਜ਼ਾਰ ਕਰਵਾ ਕੇ ਕਿਹਾ ਗਿਆ ਕਿ ਸੀਐੱਮ ਅੱਜ ਵਿਅਸਤ ਨੇ, ਇਸ ਲਈ ਕੱਲ੍ਹ 1 ਵਜੇ ਮੁਲਾਕਾਤ ਹੋਵੇਗੀ। ਇਸ ਲਈ ਅਸੀਂ ਕੱਲ੍ਹ ਇੱਕ ਵਜੇ ਤੱਕ ਸੀਐੱਮ ਨਾਲ ਮੁਲਾਕਾਤ ਕਰਨ ਲਈ ਇੱਥੇ ਹੀ ਬੈਠੇ ਰਹਾਂਗੇ। ਪਰ ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਸਮੇਤ ਸਾਰੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨ ਪੰਜਾਬ ਸਰਕਾਰ ਬਾਰੇ ਮੰਦੀ ਸ਼ਬਦਾਵਲੀ ਵਰਤਦਿਆਂ ਕਿਹਾ ਕਿ 75 ਸਾਲਾਂ ਬਾਅਦ ਮੈਂ ਇਵੇਂ ਦੀ ਸਰਕਾਰ ਨਹੀਂ ਵੇਖੀ ਜੋ ਆਪਣੀ ਵਿਰੋਧੀ ਧਿਰ ਨੂੰ ਬੁਲਾ ਕੇ ਇਸ ਤਰ੍ਹਾਂ ਜ਼ਲੀਲ ਕਰੇ। ਸਾਨੂੰ ਘਰੇ ਬੁਲਾ ਕੇ ਜ਼ਲੀਲ ਕੀਤਾ ਗਿਆ ਹੈ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕਿਹਾ ਕਿ ਅੱਜ ਲੋਕਤੰਤਰ ਦਾ ਘਾਣ ਹੋਇਆ ਹੈ।

ਮੁੱਖ ਮੰਤਰੀ ਮਾਨ ਨੇ ਆਪਣੀ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਜਵਾਬ ਦਿੰਦਿਆਂ ਕਿਹਾ ਹੈ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?’

ਦਰਅਸਲ, ਇਹ ਕਾਂਗਰਸੀ ਲੀਡਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ’ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ। ਮੁਹਾਲੀ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਦੀ ਆਮਦਨ ਤੋਂ ਜ਼ਿਆਦਾ ਜਾਇਦਾਦ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਇਸ ਕੰਮ ਦੇ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ।

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੰਤਰੀ ਰਹਿੰਦਿਆਂ ਸਾਧੂ ਸਿੰਘ ਧਰਮਸੋਤ ਨੇ 11 ਜਾਇਦਾਦਾਂ ਬਣਾਈਆਂ ਸਨ। ਧਰਮਸੋਤ ਦੀ ਮੁਹਾਲੀ, ਰੋਪੜ, ਲੁਧਿਆਣਾ, ਪਟਿਆਲਾ, ਜ਼ੀਰਕਪੁਰ, ਖਰੜ ਅਤੇ ਰੂਪਨਗਰ ‘ਚ ਜਾਇਦਾਦਾਂ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਇਲਾਵਾ 2 ਸਰਕਾਰੀ ਤੇ 1 ਨਿੱਜੀ ਬੈਂਕ ਖਾਤੇ ਦਾ ਵੇਰਵਾ ਵੀ ਮਿਲਿਆ ਹੈ। ਵਿਜੀਲੈਂਸ ਨੇ ਮਾਲੀਆ ਅਧਿਕਾਰੀਆਂ ਤੋਂ ਇਸ ਸਬੰਧੀ ਰਿਕਾਰਡ ਮੰਗਿਆ ਹੈ।