‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਮੁਲਕ ਦੇ ਰਾਸ਼ਟਰਪਤੀ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪੈਣਗੀਆਂ ਜਦਕਿ ਗਿਣਤੀ 21 ਜੁਲਾਈ ਨੂੰ ਹੋਵੇਗੀ। ਚੋਣ ਕਮਿਸ਼ਨ ਵੱਲੋਂ 15 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਵੇਂ ਚੁਣੇ ਰਾਸ਼ਟਰਪਤੀ 25 ਜੁਲਾਈ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋਵੇਗਾ। ਚੋਣ ਕਮਿਸ਼ਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਵਾਰ ਰਾਸ਼ਟਰਪਤੀ ਦੀ ਚੋਣ ਲਈ ਕੁੱਲ ਚਾਰ ਹਜ਼ਾਰ 809 ਵੋਟਰ ਹੋਣਗੇ। ਚੋਣ ਬੈਲਟ ਪੇਪਰ ਰਾਹੀਂ ਹੋਵੇਗੀ। ਇਸ ਵਾਰ ਦੇਸ਼ ਦੇ 14ਵੇਂ ਰਾਸ਼ਟਰਪਤੀ ਆਪਣੇ ਅਹੁਦੇ ਦਾ ਚਾਰਜ ਸੰਭਾਲਣਗੇ। ਰਾਸ਼ਟਰਪਤੀ ਦੇ ਅਹੁਦੇ ਦੀ ਮਿਆਦ ਪੰਜ ਸਾਲ ਹੁੰਦੀ ਹੈ ਅਤੇ ਪਿਛਲੀ ਵਾਰ 17 ਜੁਲਾਈ ਨੂੰ 2017 ਨੂੰ ਵੋਟਾਂ ਪਈਆਂ ਸਨ ਜਦਕਿ ਗਿਣਤੀ 20 ਜੁਲਾਈ ਨੂੰ ਕੀਤੀ ਗਈ ਸੀ।
ਵਿਸ਼ੇਸ਼ ਜ਼ਿਕਰਯੋਗ ਹੈ ਕਿ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਆਮ ਜਨਤਾ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ ਸਗੋਂ ਉਨ੍ਹਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਰਾਸ਼ਟਰਪਤੀ ਦੀ ਚੋਣ ਲਈ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਤੋਂ ਬਿਨਾਂ ਵਿਧਾਨ ਸਭਾਵਾਂ ਦੇ ਚੁਣੇ ਹੋਏ ਪ੍ਰਤੀਨਿਧ ਵੋਟ ਪਾਉਂਦੇ ਹਨ। ਰਾਜ ਸਭਾ ਅਤੇ ਲੋਕ ਸਭਾ ਦੇ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ।