‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੁਲਾਈ ਦੇ ਸ਼ੁਰੂ ਵਿੱਚ ਪੰਜਾਬ ਮੰਤਰੀ ਮੰਡਲ ਵਿੱਚ ਵਾਧਾ ਕਰਨ ਦੇ ਰੌਂਅ ਵਿੱਚ ਹਨ। ਪੰਜਾਬ ਮੰਤਰੀ ਮੰਡਲ ਵਿਚ 18 ਵਜ਼ੀਰ ਸ਼ਾਮਿਲ ਕੀਤੇ ਜਾ ਸਕਦੇ ਹਨ ਪਰ ਇਸ ਵੇਲੇ ਮੁੱਖ ਮੰਤਰੀ ਤੋਂ ਇਲਾਵਾ ਨੌਂਵਾਂ ਮੰਤਰੀਆਂ ਨਾਲ ਕੰਮ ਚਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਦਸ ਹੋਰ ਮੰਤਰੀਆਂ ਨੂੰ ਸਹੁੰ ਚੁਕਾਈ ਗਈ ਸੀ ਪਰ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਹਨ। ਖਬਰਾਂ ਤਾਂ ਇਹ ਵੀ ਹਨ ਕਿ 27 ਜੂਨ ਨੂੰ ਬਜਟ ਪੇਸ਼ ਕਰਨ ਤੋਂ ਬਾਅਦ ਕਿਸੇ ਦਿਨ ਵੀ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
ਪੰਜਾਬ ਸਰਕਾਰ ਦੇ ਆਲਾ ਮਿਆਰੀ ਸੂਤਰ ਦੱਸਦੇ ਹਨ ਕਿ ਇਸ ਵਾਰ ਵਜ਼ਾਰਤ ਦੇ ਵਿੱਚ ਔਰਤਾਂ ਅਤੇ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਥਾਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਮਹਿਸੂਸ ਕਰਦੇ ਹਨ ਕਿ ਟਿਕਾਊ ਸਰਕਾਰ ਚਲਾਉਣ ਲਈ ਉਨ੍ਹਾਂ ਸਮੇਤ ਮੰਤਰੀਆਂ ਦਾ ਕੰਮ ਹਲਕਾ ਕਰਨ ਦੀ ਲੋੜ ਹੈ। ਮੁੱਖ ਮੰਤਰੀ ਕੋਲ ਇਸ ਵੇਲੇ 28 ਮਹਿਕਮੇ ਹਨ।
ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਦੱਸਣਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਸੁਪਰੀਮੋ ਨੇ ਹਿਮਾਚਲ ਪ੍ਰਦੇਸ਼ ਦੀ ਫੇਰੀ ਦੌਰਾਨ ਮੰਤਰੀ ਮੰਡਲ ਵਿੱਚ ਵਾਧੇ ਨੂੰ ਲੈ ਕੇ ਗੱਲ਼ਬਾਤ ਕੀਤੀ। ਕਨਸੋਆਂ ਤਾਂ ਤਿੰਨ ਤੋਂ ਚਾਰ ਵਿਧਾਇਕਾਂ ਦੇ ਮਹਿਕਮੇ ਬਦਲਣ ਅਤੇ ਇੱਕ ਨੂੰ ਜ਼ਿੰਮੇਵਾਰੀ ਤੋਂ ਮੁਕਤ ਕਰਨ ਉੱਤੇ ਵੀ ਵਿਚਾਰ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਦੀ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਨਤੀਜੇ ਦਾ ਐਲਾਨ 10 ਮਾਰਚ ਨੂੰ ਆਇਆ ਸੀ। ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ 16 ਮਾਰਚ ਨੂੰ ਖਟਕੜ ਕਲਾਂ ਵਿਖੇ ਚੁੱਕੀ ਸੀ ਜਦਕਿ 10 ਹੋਰ ਮੰਤਰੀਆਂ ਨੂੰ ਚੰਡੀਗੜ੍ਹ ਰਾਜਭਵਨ ਵਿੱਚ ਸਮੂਹਿਕ ਸਹੁੰ ਚੁਕਾਈ ਗਈ ਸੀ।