Punjab

ਨਹੀਂ ਰਹੇ ਵਿ ਵਾਦਾਂ ਤੋਂ ਦੂਰ ਰਹਿ ਕੇ ਨਿਰੋਲ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਪ੍ਰਿੰਸੀਪਲ ਸੁਰਿੰਦਰ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਨੂੰ ਦੇਹਾਂਤ ਹੋ ਗਿਆ ਹੈ। ਦੇਰ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੀ ਉਮਰ 66 ਸਾਲ ਸੀ। ਕੁੱਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਆਪਣੇ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ  ਪਤਨੀ ਬੀਬੀ ਭੁਪਿੰਦਰ ਕੌਰ,  ਧੀ ਇੰਦਰਪ੍ਰੀਤ ਕੌਰ ਅਤੇ ਪੁੱਤਰ ਅਮਨਦੀਪ ਸਿੰਘ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪ੍ਰਿੰਸੀਪਲ ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕੀਤੀ ਗਈ, ਜਿਸ ਵਿੱਚ ਮੂਲ ਮੰਤਰ ਅਤੇ ਗੁਰ ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਤੇਜਾ ਸਿੰਘ ਸਮੁੰਦਰੀ ਹਾਲ

ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਜੀਵਨ ਸਿੱਖੀ ਪ੍ਰਚਾਰ ਨੂੰ ਸਮਰਪਿਤ ਕਰਨ ਵਾਲੀ ਸ਼ਖ਼ਸੀਅਤ ਦੇ ਤੁਰ ਜਾਣ ਨਾਲ ਵੱਡਾ ਪੰਥਕ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਿਦਵਾਨ ਸਿੱਖ ਸਕਾਲਰ ਵਜੋਂ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਉਹ ਸੰਸਥਾ ਦੀ ਚੜ੍ਹਦੀ ਕਲਾ ਲਈ ਸੇਧਮਈ ਸਲਾਹ ਦਿੰਦੇ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਕੈਬਿਨੈਟ ਮੰਤਰੀ ਹਰਜੋਤ ਸਿੰਘ ਬੈਂਸ, ਡਾ. ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਸੁਰਿੰਦਰ ਸਿੰਘ ਸਾਲ 2011 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿੱਚ ਲੱਗੇ ਹੋਏ ਸਨ। ਸਾਲ 1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ। ਸਾਲ 1995 ਤੋਂ ਉਹ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਵੀ ਰਹੇ ਹਨ। ਸੁਰਿੰਦਰ ਸਿੰਘ ਨੇ ਕਈ ਗੁਰਮਤਿ ਕੈਂਪ ਵੀ ਲਗਾਏ। ਉਹ ਇੱਕ ਨਿਧੜਕ ਬੁਲਾਰਾ ਵੀ ਸਨ।