Punjab

ਪਰਖਿਆਂ ਨੂੰ ਪਰਖ ਕੇ ਕੀ ਲੈਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਦੀ ਸਿੰਘਾਂ ਦੀ ਰਿਹਾਈ ਲਈ ਸਰਾਭਾ ਵਿਖੇ ਧਰਨੇ ਉੱਤੇ ਬੈਠੇ ਸਿੱਖ ਜਥੇਬੰਦੀਆਂ ਨੇ ਰੋਸ ਵਜੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਕਿਸੇ ਵੀ ਪਾਰਟੀ ਨੂੰ ਸਮਰਥਨ ਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਗੈਰ ਕਾਨੂੰਨੀ ਤੌਰ ਉੱਤੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਅਤੇ ਉਹ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕਰਦੇ ਹਨ। ਪੰਥਕ ਮੋਰਚਾ ਦੇ ਸੱਦੇ ਉੱਤੇ ਸਰਾਭਾ ਵਿੱਚ ਚੱਲ ਰਿਹਾ ਰੋਸ ਧਰਨਾ 112ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ।

ਸਿੱਖ ਜਥੇਬੰਦੀਆਂ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੀਆਂ ਸਰਕਾਰਾਂ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਹਨ, ਇਹ ਸਾਰੀਆਂ ਪਾਰਟੀਆਂ ਉਨ੍ਹਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੇ ਵਾਅਦੇ ਉੱਤੇ ਵੋਟਾਂ ਮੰਗਦੀਆਂ ਰਹੀਆਂ ਹਨ ਅਤੇ ਹੁਣ ਉਹ ਵਿਸ਼ਵਾਸ ਨਹੀਂ ਕਰਨਗੇ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਆਮ  ਆਦਮੀ ਪਾਰਟੀ ਦੇ 92 ਵਿਧਾਇਕ ਚੋਣ ਜਿੱਤਣ ਤੋਂ ਬਾਅਦ ਗੂੰਗੇ ਬੋਲੇ ਬਣ ਗਏ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਥਕ ਮੋਰਚਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਸਮਰਥਨ ਨਹੀਂ ਦੇਵੇਗਾ। ਮੋਰਚੇ ਦੀਆਂ ਮੰਗਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਅਤੇ ਸ਼ਹੀਦ ਸਿੰਘਾਂ ਨੂੰ ਭਾਰਤ ਰਤਨ ਦਾ ਸਨਮਾਨ ਦੇਣਾ ਵੀ ਸ਼ਾਮਿਲ ਹੈ। ਮੋਰਚੇ ਤੋਂ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉੱਤੇ ਰੱਖਣ ਦੀ ਮੰਗ ਵੀ ਕੀਤੀ ਜਾ ਰਹੀ ਹੈ।