Punjab

ਸਰਕਾਰ ਨੇ ਤਾਂ ਨਹੀਂ ਦਿੱਤਾ ਇਨਸਾਫ਼ ਪਰ ਕੌਮ ਦੇ ਸ਼ਹੀਦ ਚਮਕਦੇ ਰਹਿਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼ਹੀਦ ਭਾਈ ਦਿਲਾਵਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ।

ਅੱਜ ਇੱਕ ਸੱਦੇ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਾਂਝੇ ਤੌਰ ਉੱਤੇ ਤਸਵੀਰਾਂ ਤੋਂ ਪਰਦਾ ਹਟਾਇਆ। ਸ਼ਹੀਦ ਭਾਈ ਦਿਲਾਵਰ ਸਿੰਘ 31 ਅਗਸਤ 1995 ਨੂੰ ਸਿਵਲ ਸਕੱਤਰੇਤ ਮੂਹਰੇ ਉਸ ਵੇਲੇ ਦੇ ਮੁੱਖ ਮੰਤਰੀ ਬੇ ਅੰਤ ਸਿੰਘ ਦੀ ਹੱਤਿਆ ਲਈ ਮਨੁੱਖੀ ਬੰਬ ਬਣੇ ਸਨ। 

ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ।

ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ।

ਇਸ ਦੌਰਾਨ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਧਾਮੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।