‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕੁੱਝ ਦਿਨਾਂ ਤੋਂ ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦੱਖਣ ਭਾਰਤ ਦੇ ਕੁਝ ਇਲਾਕਿਆਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਇਨ੍ਹਾਂ ਇਲਾਕਿਆਂ ਦੇ ਫਿਊਲ ਸਟੇਸ਼ਨਾਂ ‘ਤੇ ਪੈਟਰੋਲ ਅਤੇ ਡੀਜ਼ਲ ਉਪਲੱਬਧ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ ਦੇ ਪੈਟਰੋਲ ਪੰਪਾਂ ‘ਤੇ ਪੈਟਰੋਲ ਖਤਮ ਹੋ ਗਿਆ ਹੈ। ਪੈਟਰੋਲ ਕੰਪਨੀਆਂ ਨੂੰ ਪੈਟਰੋਲ ਦੀਆਂ ਕੀਮਤਾਂ ਵਧਾਉਣ ਦੀ ਇਜਾਜ਼ਤ ਨਹੀਂ ਮਿਲ ਰਹੀ, ਪੈਟਰੋਲ ਵੇਚਣ ‘ਚ ਘਾਟਾ ਪੈ ਰਿਹਾ ਹੈ, ਇਸ ਲਈ ਸਪਲਾਈ ਘਟਾ ਕੇ ਘਾਟਾ ਪੂਰਾ ਕੀਤਾ ਜਾ ਰਿਹਾ ਹੈ।
ਇੰਡੀਅਨ ਆਇਲ ਕਾਰਪੋਰੇਸ਼ਨ ਨੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ। ਪਰ ਇਸ ਦੇ ਨਾਲ ਹੀ ਇਸ ਦਾਅਵੇ ਦੇ ਉਲਟ ਆਲ ਇੰਡੀਆ ਪੈਟਰੋਲ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਬਾਂਸਲ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤੇਲ ਦੀ ਸਪਲਾਈ ਵਿੱਚ ਸਮੱਸਿਆ ਹੈ। ਤੇਲ ਦੀ ਕੀਮਤ ਅਦਾ ਕਰਨ ਤੋਂ ਬਾਅਦ ਵੀ ਕੰਪਨੀਆਂ ਸਮੇਂ ਸਿਰ ਇਸ ਦੀ ਸਪਲਾਈ ਨਹੀਂ ਕਰ ਰਹੀਆਂ ਹਨ। ਸਰਕਾਰ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਤੇਲ ਕੰਪਨੀਆਂ ਨਾਲ ਗੱਲ ਕਰ ਕੇ ਇਸ ਮਾਮਲੇ ਦਾ ਹੱਲ ਕੀਤਾ ਜਾਵੇ ਅਤੇ ਸਪਲਾਈ ਯਕੀਨੀ ਬਣਾਈ ਜਾਵੇ। ਦੇਸ਼ ਦੇ ਕਰੀਬ 72 ਹਜ਼ਾਰ ਪੈਟਰੋਲ ਪੰਪ ਇਸ ਐਸੋਸੀਏਸ਼ਨ ਨਾਲ ਜੁੜੇ ਹੋਏ ਹਨ।
ਉੱਤਰ ਪ੍ਰਦੇਸ਼ ਪੈਟਰੋਲੀਅਮ ਟਰੇਡਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਧਰਮਵੀਰ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਰਿਪੋਰਟਾਂ ਪਿੱਛੇ ਕੁਝ ਸੱਚਾਈ ਹੈ। ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਲੋੜੀਂਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਰਕੇ ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਦੱਖਣੀ ਭਾਰਤ ਦੇ ਕਈ ਸੂਬਿਆਂ ਦੇ ਪੈਟਰੋਲ ਪੰਪਾਂ ‘ਤੇ ਲੋੜੀਂਦੀ ਮਾਤਰਾ ਵਿੱਚ ਤੇਲ ਉਪਲੱਬਧ ਨਹੀਂ ਹੈ। ਅਗਾਊਂ ਪੈਸੇ ਭਰਨ ਤੋਂ ਬਾਅਦ ਵੀ ਡੀਲਰਾਂ ਨੂੰ ਪੈਟਰੋਲ ਨਹੀਂ ਮਿਲ ਰਿਹਾ। ਧਰਮਵੀਰ ਚੌਧਰੀ ਨੇ ਕਿਹਾ ਕਿ ਦਿੱਲੀ-ਐਨਸੀਆਰ ਖੇਤਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਉਪਲਬੱਧਤਾ ਵਿੱਚ ਕੋਈ ਕਮੀ ਨਹੀਂ ਹੈ, ਪਰ ਦੂਜੇ ਸ਼ਹਿਰਾਂ ਅਤੇ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਸਥਿਤੀ ਬਦਤਰ ਹੈ।
ਤਿੰਨ ਸਰਕਾਰੀ ਪੈਟਰੋਲੀਅਮ ਕੰਪਨੀਆਂ (ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ) ਦੇ ਲਗਭਗ 70,000 ਪੈਟਰੋਲ ਪੰਪਾਂ ‘ਤੇ ਤੇਲ ਦੀ ਘਾਟ ਮੁਕਾਬਲਤਨ ਘੱਟ ਹੈ, ਜਦਕਿ ਨਿੱਜੀ ਖੇਤਰ ਦੇ ਪੈਟਰੋਲ ਪੰਪਾਂ ‘ਤੇ ਸਥਿਤੀ ਬਦਤਰ ਹੈ। ਰਿਲਾਇੰਸ ਐਨਰਜੀ ਨਾਲ ਜੁੜੇ ਪੈਟਰੋਲ ਪੰਪਾਂ ਨੇ ਤੇਲ ਦੀ ਸਪਲਾਈ ਲਗਭਗ ਬੰਦ ਕਰ ਦਿੱਤੀ ਹੈ, ਜਦਕਿ ਐਸਆਰ ਗਰੁੱਪ ਅਤੇ ਨਾਇਰਾ ਐਨਰਜੀ ਪੈਟਰੋਲ ਅਤੇ ਡੀਜ਼ਲ ਦੀ ਕੁੱਲ ਮੰਗ ਦਾ ਸਿਰਫ਼ 25 ਪ੍ਰਤੀਸ਼ਤ ਹੀ ਸਪਲਾਈ ਕਰ ਰਹੇ ਹਨ।
ਤੇਲ ਵਿਕਰੇਤਾਵਾਂ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਪੈਟਰੋਲੀਅਮ ਮੰਤਰੀ, ਮੰਤਰਾਲੇ ਦੇ ਸਕੱਤਰ ਤੇ ਹੋਰ ਅਧਿਕਾਰੀਆਂ ਨੂੰ ਕਰੀਬ 15 ਦਿਨ ਪਹਿਲਾਂ ਪੈਟਰੋਲ ਤੇ ਡੀਜ਼ਲ ਦੀ ਕਿੱਲਤ ਬਾਰੇ ਜਾਣੂ ਕਰਵਾਇਆ ਜਾ ਰਿਹਾ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ। ਵੱਖ-ਵੱਖ ਪੈਟਰੋਲ ਪੰਪ ਡੀਲਰਾਂ ਦੀਆਂ ਐਸੋਸੀਏਸ਼ਨਾਂ ਇਸ ਸਬੰਧੀ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਜਾਣੂ ਕਰਵਾ ਰਹੀਆਂ ਹਨ ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।