India Punjab

ਸੰਗਰੂਰ ਚੋਣਾਂ ਲਈ ਕੇਜਰੀਵਾਲ ਕਰਨਗੇ “ਆਪ”ਦੇ ਉਮੀਦਵਾਰ ਲਈ ਰੋਡ ਸ਼ੋਅ

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਲਈ ਸੰਗਰੂਰ ਵਿੱਚ ਰੋਡ ਸ਼ੋਅ ਕਰਨਗੇ। ਸੰਗਰੂਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਸ ਚੋਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਲਗਾਤਾਰ ਸੰਗਰੂਰ-ਬਰਨਾਲਾ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੀਤੇ ਗਏ ਹਨ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

   

ਪੰਜਾਬ ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਚੋਣਾਂ ਦੇ ਮੱਦੇਨਜ਼ਰ 21 ਜੂਨ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਨੂੰ ਹੋਣ ਵਾਲੀ ਵੋਟਿੰਗ ਤੱਕ ਪੂਰੇ ਖੇਤਰ ਵਿੱਚ ਮੁਕੰਮਲ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪਿਛਲੇ 48 ਘੰਟਿਆਂ ਨਾਲ ਸਬੰਧਤ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ (ਐਸਓਪੀ) 21 ਜੂਨ ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗੀ। ਦੱਸ ਦੇਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਿਟਰਨਿੰਗ ਅਫਸਰ ਨੇ ਕਿਹਾ ਹੈ ਕਿ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਉਪਬੰਧਾਂ ਅਨੁਸਾਰ ਪਿਛਲੇ 48 ਘੰਟਿਆਂ ਦੌਰਾਨ ਚੋਣ ਮਾਮਲਿਆਂ ਤਹਿਤ ਸਬੰਧਤ ਪੋਲਿੰਗ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਜਨਤਕ ਮੀਟਿੰਗ ਬੁਲਾਉਣ ਦੀ ਮਨਾਹੀ ਹੈ। ਇਸ ਤੋਂ ਇਲਾਵਾ 48 ਘੰਟਿਆਂ ਦੇ ਸਮੇਂ ਦੌਰਾਨ ਸਿਨੇਮੈਟੋਗ੍ਰਾਫ਼, ਟੈਲੀਵਿਜ਼ਨ ਜਾਂ ਇਸ ਤਰ੍ਹਾਂ ਦੇ ਹੋਰ ਸਾਜ਼ੋ-ਸਾਮਾਨ ਦੀ ਵਰਤੋਂ ਕਰਕੇ ਕੋਈ ਵੀ ਚੋਣ ਸਮੱਗਰੀ ਦਿਖਾਉਣ ‘ਤੇ ਪਾਬੰਦੀ ਹੋਵੇਗੀ।