Punjab

ਸੰਗਰੂਰ ‘ਚ ਵੋਟ ਪਾਉਣ ਦੀ ਚਾਲ ਸ਼ੁਰੂ ‘ਚ ਸੁਸਤ ਰਹੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਰੁਝਾਨ ਸ਼ੁਰੂ ਵਿੱਚ ਮੱਠਾ ਰਿਹਾ। ਪਹਿਲੇ ਤਿੰਨ ਘੰਟਿਆਂ ਦੌਰਾਨ ਸਿਰਫ਼ 12.75 ਫ਼ੀਸਦੀ ਵੋਟਾਂ ਹੀ ਭੁਗਤੀਆਂ। ਵੋਟਿੰਗ ਦਾ ਕੰਮ ਅੱਜ ਸਵੇਰੇ 8 ਵਜੇ ਸ਼ੁਰੂ ਹੋਇਆ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਚੋਣ ‘ਚ ਇਸ ਵਾਰ ਪੰਜਕੋਣੀ ਟੱਕਰ ਹੈ। ਚੋਣ ਮੈਦਾਨ ਵਿੱਚ ਕੁੱਲ 18 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਭਾਜਪਾ ਦੇ ਕੇਵਲ ਸਿੰਘ ਢਿੱਲੋਂ, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬੀਬੀ ਕਮਲਦੀਪ ਕੌਰ ਦਰਮਿਆਨ ਹੈ। ਅੱਜ 15 ਲੱਖ 69 ਹਜ਼ਾਰ ਤੋਂ ਵੱਧ ਵੋਟਰ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕਰਨਗੇ। 26 ਜੂਨ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਵੋਟਰਾਂ ਲਈ 1 ਹਜ਼ਾਰ 766 ਪੋਲਿੰਗ ਬੂਥ ਬਣਾਏ ਗਏ ਹਨ। ਸੱਤਾਧਾਰੀ ‘ਆਪ’ ਲਈ ਇਹ ਸੀਟ ਬਹੁਤ ਮਹੱਤਵ ਰੱਖਦੀ ਹੈ ਕਿਉਂਕਿ ਪਾਰਟੀ 2014 ਤੋਂ ਹਮੇਸ਼ਾ ਇਹ ਸੀਟ ਜਿੱਤਦੀ ਆ ਰਹੀ ਹੈ। ਪੰਜਾਬ ਦੀਆਂ ਬਾਕੀ 12 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਦੇ ਅੱਠ ਮੈਂਬਰ ਹਨ, ਜਦਕਿ ਭਾਜਪਾ ਅਤੇ ਅਕਾਲੀ ਦਲ ਦੇ ਦੋ-ਦੋ ਮੈਂਬਰ ਹਨ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਅਪਣੀ ਪਤਨੀ ਤੇ ਮਾਤਾ ਨਾਲ ਵੋਟ ਪਾਈ। ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ ਹੈ। ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਵੀ ਵੋਟ ਪਾਉਂਦਿਆਂ ਆਪ ਉੱਤੇ ਨਿਸ਼ਾਨਾ ਵੀ ਕੱਸਿਆ। ਗੋਲਡੀ ਨੇ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ਵਲੋਂ ਪ੍ਰਚਾਰ ਲਈ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਧੂਰੀ ਦੇ ਲੋਕ ਮੈਨੂੰ ਵੋਟ ਪਾਉਣਗੇ ਤਾਂ ਜੋ ਅੱਗੇ ਜਾ ਕੇ ਅਸੀਂ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕੀਏ। ਉਨ੍ਹਾਂ ਅਰਵਿੰਦ ਕੇਜਰੀਵਾਲ ਉੱਤੇ ਭਗਵੰਤ ਮਾਨ ਦੇ ਮੋਢੇ ਉੱਤੇ ਬੰਦੂਕ ਰੱਖ ਕੇ ਚਲਾਉਣ ਦਾ ਦੋਸ਼ ਵੀ ਲਾਇਆ।

ਪੰਜਾਬ ਦੇ ਵਿੱਤ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾਈ। ਦਿੜ੍ਹਬਾ ਵਿੱਚ ਆਪਣੀ ਵੋਟ ਪਾਉਣ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਇਸ ਵਾਰ ਪੇਸ਼ ਕੀਤਾ ਜਾਣ ਵਾਲਾ ਬਜਟ ਲੋਕਾਂ ਦਾ ਬਜਟ ਹੋਵੇਗਾ। ਉਨ੍ਹਾਂ ਨੇ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੋਣ ਦਾ ਦਾਅਵਾ ਵੀ ਕੀਤਾ।

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਕੇਵਲ ਸਿੰਘ ਢਿੱਲੋਂ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਵੋਟ ਉਸ ਉਮੀਦਵਾਰ ਨੂੰ ਪਾਉ, ਜਿਹੜਾ ਇਲਾਕੇ ਦਾ ਵਿਕਾਸ ਕਰਵਾਏ। ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਵੋਟ ਪਾਉਂਦਿਆਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸੰਗਰੂਰ ਜ਼ਿਮਨੀ ਚੋਣ ਲਈ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ 23 ਜੂਨ ਨੂੰ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਉਹ ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਅਤੇ ਪੰਜਾਬ ਦੀ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਜ਼ਿਮਨੀ ਚੋਣ ਲਈ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਸਾਰੇ ਉਮੀਦਵਾਰਾਂ ਨੇ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਚੋਣ ਪ੍ਰਚਾਰ ਕੀਤਾ ਸੀ।  

ਉੱਧਰ ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਈ। ਚੱਢਾ ਦੇ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।