Punjab

ਮੱਤੇਵਾੜਾ ਜੰਗਲ ਨੂੰ ਬਚਾਉਣ ਦੇ ਰੌਲੇ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਲਗਾਉਣ ਦਾ ਐਲਾਨ ਕੀਤਾ ਹੈ। ਇਹ ਮੁਹਿੰਮ 15 ਜੁਲਾਈ 2022 ਨੂੰ ਸ਼ੁਰੂ ਹੋਵੇਗੀ। ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਲਗਾਏ ਜਾਣਗੇ।

ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ। 

ਉਨ੍ਹਾਂ ਨੇ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਬਾਗ਼ਬਾਨੀ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ  ਅਤੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਮਾਲਕੀ ਵਾਲੀਆਂ ਖ਼ਾਲੀ ਪਈਆਂ ਸਰਕਾਰੀ ਜ਼ਮੀਨਾਂ ‘ਤੇ ਬਾਗ਼ ਲਗਾਉਣ ਸਬੰਧੀ ਨੀਤੀ ਬਣਾਉਣ ਦੀ ਹਦਾਇਤ ਕੀਤੀ।