‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਮੁੜ ਤੋਂ ਵਿੱਢ ਦਿੱਤਾ ਹੈ। ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਕਾਫ਼ੀ ਲੰਮਾ ਸਮਾਂ ਚੱਲਿਆ। ਹਾਲਾਂਕਿ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਸਨ ਪਰ ਨਾਲ ਹੀ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ‘ਤੇ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਕੇਂਦਰ ਵੱਲੋਂ ਹਾਲੇ ਤੱਕ ਕਮੇਟੀ ਦਾ ਗਠਨ ਨਾ ਕੀਤੇ ਜਾਣ ਉੱਤੇ ਕਿਸਾਨਾਂ ਵਿੱਚ ਨਰਾਜ਼ਗੀ ਪਾਈ ਜਾ ਰਹੀ ਹੈ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ 31 ਜੁਲਾਈ ਨੂੰ ਚਾਰ ਘੰਟਿਆਂ ਦੇ ਲਈ ਦੇਸ਼ ਭਰ ਦੇ ਸਾਰੇ ਰਾਸ਼ਟਰੀ ਰਾਜਮਾਰਗ ਜਾਮ ਕਰ ਦੇਣਗੇ।
ਸੋਨੀਪਤ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਵਰਕਰਾਂ ਸਚਿਨ ਅਤੇ ਸ਼ਰਧਾਨੰਦ ਸੋਲੰਕੀ ਨੇ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਦੀ ਦੋ ਰੋਜ਼ਾ ਹੜਤਾਲ ਸ਼ੁਰੂ ਕੀਤੀ ਹੈ। ਕਿਸਾਨਾਂ ਨੇ ਸਰਕਾਰ ਦੇ ਸਾਹਮਣੇ 6 ਨੁਕਾਤੀ ਮੰਗ ਰੱਖੀ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇੱਕ ਵਾਰ ਫਿਰ ਸਰਕਾਰ ਖਿਲਾਫ ਵੱਡਾ ਅੰਦੋਲਨ ਵਿੱਢਿਆ ਜਾਵੇਗਾ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵੇ। ਕਿਸਾਨ ਅੰਦੋਲਨ ਅਗਨੀਪਥ ਸਕੀਮ ਵਿਰੁੱਧ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਕੇਂਦਰ ਸਰਕਾਰ ਇਕਬਾਲਪੁਰ ਹਰਿਦੁਆਰ ਸ਼ੂਗਰ ਮਿੱਲ ਦੇ ਕਿਸਾਨਾਂ ਦਾ ਬਕਾਇਆ ਜਲਦੀ ਜਾਰੀ ਕਰੇ। ਸਰਕਾਰ ਨੇ ਦੇਸ਼ ਭਰ ਵਿੱਚ ਜੋ ਟੋਲ ਟੈਕਸ ਖੋਲ੍ਹੇ ਹਨ, ਉਹ ਬੰਦ ਕੀਤੇ ਜਾਣ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸਰਕਾਰ ਵੱਲੋਂ ਨੌਜਵਾਨਾਂ ਲਈ ਜੋ ਅਗਨੀਪਥ ਸਕੀਮ ਲਿਆਂਦੀ ਗਈ ਹੈ, ਉਸ ਨੂੰ ਵਾਪਸ ਲੈਣ ਦੀ ਗੱਲ ਵੀ ਕਹੀ ਗਈ।