Punjab

ਕੀ ਗਿਆਨੀ ਹਰਪ੍ਰੀਤ ਸਿੰਘ ਬਣਨਗੇ ਜਥੇਦਾਰ ਫੂਲਾ ਸਿੰਘ ਵਾਂਗ ? ਲੈਣਗੇ ਸੁਖਬੀਰ ਬਾਦਲ ਤੋਂ ਅਸਤੀਫ਼ਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਉੱਤੇ ਬਣੀਆਂ ਵੱਖ-ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਉਨ੍ਹਾਂ ਵੱਲੋਂ ਸਾਰੀਆਂ ਪੰਥਕ ਪਾਰਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋਣ ਦੇ ਆਦੇਸ਼ ਦਾ ਹਵਾਲਾ ਦਿੰਦਿਆਂ ਇਹ ਮੰਗ ਕੀਤੀ ਗਈ ਹੈ। ਢੀਂਡਸਾ ਨੇ ਕਿਹਾ ਕਿ ਅਜਿਹੀਆਂ ਪਾਰਟੀਆਂ ਤੋਂ ਅਸਤੀਫ਼ਾ ਲੈ ਕੇ ਪੰਥ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਕੌਮ ਨੂੰ ਇਕਸੁਰਤਾ ਅਤੇ ਇਕੱਤਰਤਾ ਵੱਲ ਵਧਾਇਆ ਜਾਵੇ।

ਢੀਂਡਸਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਤਰ ਦੇ ਆਦੇਸ਼ ਉੱਤੇ ਗੰਭੀਰਤਾ ਨਾਲ ਵਿਚਾਰ ਕੀਤੀ ਹੈ। ਢੀਂਡਸਾ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਥਕ ਰਾਜਨੀਤੀ ਬੁਰੀ ਤਰ੍ਹਾਂ ਦਿਸ਼ਾਹੀਣ ਹੋ ਚੁੱਕੀ ਹੈ। ਇਸ ਲਈ ਇਸ ਸਮੇਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋ ਕੇ ਦਿਸ਼ਾ ਅਤੇ ਦਸ਼ਾ ਤੈਅ ਕਰਨੀ ਬਹੁਤ ਜ਼ਰੂਰੀ ਹੈ।

ਢੀਂਡਸਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਹ ਹੁਕਮ ਸਖ਼ਤ ਨਾਲ ਲਾਗੂ ਕਰਵਾਉਣ ਦੀ ਅਪੀਲ ਕੀਤੀ। ਢੀਂਡਸਾ ਨੇ ਕਿਹਾ ਕਿ ਇਸ ਸਬੰਧ ਵਿੱਚ ਸਿੰਘ ਸਾਹਿਬ ਅਕਾਲੀ ਫੂਲਾ ਸਿੰਘ ਵਾਂਗ ਹੁਕਮ ਸੁਣਾ ਕੇ ਇਹ ਆਦੇਸ਼ ਲਾਗੂ ਕਰਵਾਏ। ਇਸ ਨਾਲ ਹੀ ਕੌਮ ਵਿੱਚ ਇਤਫ਼ਾਕ ਤੇ ਸੰਘਰਸ਼ ਕੁਰਬਾਨੀ ਦਾ ਮਾਦਾ ਠਾਠਾਂ ਮਾਰੇਗਾ।

ਢੀਂਡਸਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਪੀਟੀਸੀ ਤੋਂ ਤੁਰੰਤ ਬੰਦ ਕਰਕੇ ਸ਼੍ਰੋਮਣੀ ਕਮੇਟੀ ਆਪਣਾ ਚੈੱਨਲ ਚਾਲੂ ਕਰਕੇ ਕਰੇ, ਪਰ ਉਸ ਹੁਕਮ ਉੱਤੇ SGPC ਨੇ ਹਾਲੇ ਤੱਕ ਕੋਈ ਪਾਲਣਾ ਨਹੀਂ ਕੀਤੀ ਹੈ, ਜਿਸ ਕਰਕੇ ਸਿੱਖ ਕੌਮ ਦੇ ਹਿਰਦੇ ਵਲੂੰਦਰੇ ਗਏ ਹਨ। ਢੀਂਡਸਾ ਨੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੀ ਅਕਾਲ ਤਖ਼ਤ ਵਿਖੇ ਤਲਬ ਕਰਨ ਦੀ ਮੰਗ ਉਠਾਉਂਦਿਆਂ ਉਹਨਾਂ ਵਿਰੁੱਧ ਸਿੱਖ ਮਰਿਆਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।

ਢੀਂਡਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਤੇ 328 ਪਾਵਨ ਸਰੂਪ ਗਾਇਬ ਕਰਨ ਦੇ ਦੋਸ਼ ਲਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਅਤੇ ਸਾਰੀ ਕਾਰਜਕਾਰਨੀ ਨੂੰ ਤਲਬ ਕਰਨ ਦੀ ਅਪੀਲ ਕਰਦਿਆਂ ਦੋਸ਼ੀਆਂ ਵਿਰੁੱਧ ਸਮਾਂਬੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ 10 -10 ਲੱਖ ਰੁਪਏ ਆਰਥਿਕ ਮਦਦ ਦੇਣ ਦੀ ਅਪੀਲ ਵੀ ਕੀਤੀ।