Punjab

ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਲਈ ‘ਪੱਕੀ’ ਤੇ ਚੰਗੀ ਖ਼ਬਰ !

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੁਲਾਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕਰਨ ਲਈ ਤਿੰਨ ਮੰਤਰੀਆਂ ਦੀ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਦਾ ਮੰਤਵ ਸੀ ਕਿ ਇਸ ਵਿੱਚ ਆਉਣ ਵਾਲੀਆਂ ਸਾਰੀਆਂ ਕਾਨੂੰਨੀ ਅਰਚਨਾ ਨੂੰ ਦੂਰ ਕੀਤਾ ਜਾ ਸਕੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾਵੇ। ਹੁਣ ਇਸ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਦਾ ਡਾਟਾ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ।

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਈ ਬਣਾਈ ਗਈ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਹੁਣ ਤੱਕ 2 ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਤਰ੍ਹਾਂ ਦੀ ਪਾਲਿਸੀ ਬਣਾਈ ਜਾਵੇਗੀ ਤਾਂ ਕਿ ਕੱਚੇ ਮੁਲਾਜ਼ਮਾਂ ਨੂੰ 100 ਫੀਸਦੀ ਪੱਕਾ ਕੀਤਾ ਜਾਵੇ। ਅਗਲੇ ਮੰਗਲਵਾਰ ਨੂੰ ਤਿੰਨ ਮੈਂਬਰੀ ਕਮੇਟੀ ਦੀ ਮੁੜ ਤੋਂ ਮੀਟਿੰਗ ਹੋਵੇਗੀ।

ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਰਾਜਪਾਲ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਸੀ। ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਇਲਜ਼ਾਮ ਲਗਾਇਆ ਸੀ ਕਿ ਰਾਜਪਾਲ ਨੇ ਫਾਇਲ ਰੋਕ ਦਿੱਤੀ ਹੈ, ਜਿਸ ਤੋਂ ਬਾਅਦ ਰਾਜਪਾਲ ਨੇ ਜਵਾਬ ਦਿੱਤਾ ਸੀ ਕਿ ਸਰਕਾਰ ਵੱਲੋਂ ਭੇਜਿਆ ਗਿਆ ਮਤਾ ਕਾਨੂੰਨ ਦੇ ਮੁਤਾਬਿਕ ਨਹੀਂ ਹੈ।

ਭਗਵੰਤ ਮਾਨ ਸਰਕਾਰ ਸਾਹਮਣੇ ਵੀ ਇਹ ਹੀ ਪਰੇਸ਼ਾਨੀ ਹੈ। ਇਸ ਲਈ ਸਰਕਾਰ ਨੇ ਇਨ੍ਹਾਂ ਸਾਰੀਆਂ ਕਾਨੂੰਨੀ ਅਰਚਨਾ ਨੂੰ ਦੂਰ ਕਰਨ ਦੇ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਹਨ ਜਦਕਿ ਕਮੇਟੀ ਵਿੱਚ ਦੋ ਹੋਰ ਮੈਂਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੀਤ ਹੇਅਰ ਸ਼ਾਮਲ ਹਨ।