‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਅਨੂਪ ਚਿਤਕਾਰਾ ਨੇ ਕੇਸ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਹੁਣ ਇਹ ਮਾਮਲਾ ਕਿਸੇ ਹੋਰ ਜੱਜ ਦੇ ਹਵਾਲੇ ਕੀਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਉਨ੍ਹਾਂ ਉੱਤੇ ਨਸ਼ਾ ਤਸਕਰੀ ਦਾ ਦੋਸ਼ ਹੈ।
ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਤੋਂ ਪਹਿਲਾਂ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਕੋਲ ਉਨ੍ਹਾਂ ਵਿਰੁੱਧ ਦਾਇਰ ਕੇਸ ਰੱਦ ਕਰਨ ਲਈ ਪਹੁੰਚ ਕੀਤੀ ਗਈ ਸੀ ਪਰ ਸੁਪਰੀਮ ਕੋਰਟ ਨੇ ਕੇਸ ਜ਼ਿਲ੍ਹਾ ਅਦਾਲਤ ਮੁਹਾਲੀ ਨੂੰ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਵੱਲੋਂ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਪਰ ਸਫ਼ਲਤਾ ਨਾ ਮਿਲੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਜ਼ਮਾਨਤ ਦੀ ਸੁਣਵਾਈ ਉੱਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਹਾਈਕੋਰਟ ਦੀ ਜਸਟਿਸ ਅਨੂਪ ਚਿਤਕਾਰਾ ਨੇ ਜ਼ਮਾਨਤ ਉੱਤੇ ਫੈਸਲਾ ਸੁਣਾਉਣ ਦੀ ਥਾਂ ਚੀਫ਼ ਜਸਟਿਸ ਆਰ.ਕੇ.ਝਾਅ ਕੋਲ ਇਹ ਕਹਿ ਕੇ ਭੇਜ ਦਿੱਤਾ ਕਿ ਉਹ ਆਪਣੇ ਆਪ ਨੂੰ ਸੁਣਵਾਈ ਤੋਂ ਅਲੱਗ ਕਰਨਾ ਲੋੜਦੇ ਹਨ।