India

ਨੂਪੁਰ ਸ਼ਰਮਾ ਨੂੰ ਸਰਬਉੱਚ ਅਦਾਲਤ ਤੋਂ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਬੀਜੇਪੀ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਤੁਰੰਤ ਰਾਹਤ ਦਿੰਦਿਆਂ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਉੱਤੇ ਰੋਕ ਲਾ ਦਿੱਤੀ ਹੈ। ਪੈਗੰਬਰ ਮੁਹੰਮਦ ਉੱਤੇ ਵਿਵਾਦਤ ਟਿੱਪਣੀ ਮਾਮਲੇ ਵਿੱਚ ਨੂਪੁਰ ਸ਼ਰਮਾ ਦੇ ਖਿਲਾਫ਼ ਅਲੱਗ ਅਲੱਗ ਸੂਬਿਆਂ ਵਿੱਚ ਕਈ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਮਾਮਲੇ ਵਿੱਚ ਨੂਪੁਰ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਸਾਰੀਆਂ ਐੱਫਆਈਆਰ ਨੂੰ ਇੱਕ ਜਗ੍ਹਾ ਕਰਨ ਅਤੇ ਸੁਣਵਾਈ ਵੀ ਇੱਕ ਹੀ ਅਦਾਲਤ ਵਿੱਚ ਕਰਨ ਦੀ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਕਰਨ ਦਾ ਫੈਸਲਾ ਸੁਣਾਇਆ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਅਗਲੀ ਸੁਣਵਾਈ ਤੱਕ ਉਨ੍ਹਾਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਨੂਪੁਰ ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਕੁੱਝ ਸ਼ਰਾਰਤੀ ਅਨਸਰਾਂ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ ਜਾਨ ਤੋਂ ਮਾਰਨ ਅਤੇ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਹੈ।