Punjab

ਇਸ ਤਰ੍ਹਾਂ 1 ਸਾਲ ‘ਚ ਸੇਮ ਦੀ ਪਰੇਸ਼ਾਨੀ ਦਾ ਹੱਲ ਹੋਵੇਗਾ ! ਪ੍ਰੋਜੈਕਟ ਤਿਆਰ

ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀਃ ਭਗਵੰਤ ਮਾਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਦੇ ਮਾਲਵੇ ਖਿੱਤੇ ਵਿਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ। ਮੁੱਖ ਮੰਤਰੀ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੁੱਲਿਆਂ ਵਾਲੀ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਰਾਜ ਵਿਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗੀ ਪੱਧਰ ਉਤੇ ਇਸ ਪ੍ਰੋਜੈਕਟ ਉਤੇ ਕੰਮ ਕਰੇਗੀ ਤਾਂ ਜੋ ਸੇਮ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰੰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਖੇਤਾਂ ਵਿਚ ਪਾਣੀ ਭਰਨ ਦੀ ਇਸ ਸਮੱਸਿਆ ਤੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ ਕਿਉਂਕਿ ਰਾਜ ਸਰਕਾਰ ਸੁਚੱਜੀ ਯੋਜਨਾਬੰਦੀ ਕਰਕੇ ਉਸ ਨੂੰ ਬਾਰੀਕੀ ਨਾਲ ਲਾਗੂ ਕਰੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਸਰਕਾਰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਖਤਮ ਕਰਨ ਲਈ ਸੰਕਲਪਬੱਧ ਹੈ। ਭਗਵੰਤ ਮਾਨ ਨੇ ਇਸ ਮੌਕੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੇ ਨਿਪਟਾਰੇ ਵਿਚ ਕੋਈ ਵੀ ਅੜਿੱਕਾ ਨਾ ਆਉਣ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਭਰਨ ਅਤੇ ਸੇਮ ਦੀ ਇਹ ਸਮੱਸਿਆ ਬਹੁਤ ਪੁਰਾਣੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਦੇ ਹੱਲ ਲਈ ਪਹਿਲਾਂ ਕੋਈ ਯਤਨ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ। ਪਿਛਲੀਆਂ ਸਰਕਾਰਾਂ ਉਤੇ ਹੱਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁਸ਼ਕਿਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੈ, ਜਿਸ ਕਾਰਨ ਇਹ ਸਮੱਸਿਆ ਅੱਜ ਗੰਭੀਰ ਰੂਪ ਅਖਤਿਆਰ ਕਰ ਗਈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨੁਕਸਦਾਰ ਯੋਜਨਾਬੰਦੀ ਅਤੇ ਉਸ ਨੂੰ ਅੱਧਾ ਅਧੂਰਾ ਲਾਗੂ ਕੀਤਾ ਜਾਣਾ ਹੀ ਇਸ ਸਮੱਸਿਆ ਦੀ ਜੜ੍ਹ ਬਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਮਦਦ ਲਈ ਹਰ ਹੀਲਾ ਵਰਤੇਗੀ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਜ ਦੇ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਤੁਰਤ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਛੇਤੀ ਤੋਂ ਛੇਤੀ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਸੂਬਾ ਸਰਕਾਰ ਹਰ ਕੋਸ਼ਿਸ਼ ਕਰੇਗੀ ਅਤੇ ਇਸ ਮੁਸ਼ਕਲ ਸਮੇਂ ਵਿਚ ਰਾਜ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ।