‘ਦ ਖ਼ਾਲਸ ਬਿਊਰੋ : ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਦੇਸ਼ ਵਿਦੇਸ਼ ਵਿੱਚ ਵਿਵਾਦ ਛਿੜ ਪਿਆ ਹੈ। ਪੰਜਾਬ ਤੋਂ ਬਾਹਰ ਸਭ ਤੋਂ ਵੱਧ ਪ੍ਰਤੀਕਰਮ ਇੰਗਲੈਂਡ ਵਿੱਚ ਹੋਇਆ ਹੈ। ਬਰਤਾਨੀਆ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਇੱਕ ਸਾਂਝੇ ਬਿਆਨ ਰਾਹੀਂ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਪੁੱਤਰ ਈਮਾਨ ਸਿੰਘ ਮਾਨ ਨੂੰ ਬਿਆਨ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਬਰਮਿੰਘਮ ਦੇ ਗੁਰੂ ਹਰਿਰਾਏ ਸਾਹਿਬ ਗੁਰਦੁਆਰਾ ਸਮੇਤ ਵੁਲਵਰਹੈਂਪਟਨ ਅਤੇ ਸੈਡਵਿਲ ਦੀਆਂ ਗੁਰਦੁਆਰਾ ਕਮੇਟੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਮਾਨ ਪਿਉ ਪੁੱਤ ਮੁੱਦੇ ਤੋਂ ਭਟਕ ਗਏ ਹਨ ਅਤੇ ਉਨ੍ਹਾਂ ਦੇ ਬਿਆਨ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਭਾਰਤੀਆਂ ਦੇ ਮਨਾਂ ਨੂੰ ਸੱਟ ਵੱਜੀ ਹੈ। ਕਮੇਟੀਆਂ ਦੇ ਅਹੁਦੇਦਾਰਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਦੇ ਕਹਿਣ ਨਾਲ ਸ਼ਹੀਦ ਦਾ ਰੁਤਬਾ ਘੱਟ ਨਹੀਂ ਜਾਂਦਾ। ਮਾਨ ਦੇ ਬਿਆਨ ਨੂੰ ਕੇਵਲ ਭਗਤ ਸਿੰਘ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ ਸਗੋਂ ਇਸ ਨਾਲ ਕੌਮ ਦੇ ਹੋਰ ਸ਼ਹੀਦਾਂ ਦੇ ਸਨਮਾਨ ਨੂੰ ਵੀ ਠੇਸ ਲੱਗੀ ਹੈ।
ਇਨ੍ਹਾਂ ਆਗੂਆਂ ਨੇ ਅੱਗੇ ਕਿਹਾ ਕਿ ਭਗਤ ਸਿੰਘ ਬਾਰੇ ਕੀਤੀ ਗਈ ਬਿਆਨਬਾਜ਼ੀ ਪਿੱਛੇ ਸਿਮਰਨਜੀਤ ਸਿੰਘ ਮਾਨ ’ਤੇ ਪਰਿਵਾਰਕ ਸੋਚ ਭਾਰੂ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਗ਼ਦਰੀ ਬਾਬਿਆਂ ਵੱਲੋਂ ਦੇਸ਼ ਦੀ ਅਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਉਹ ਲੋਕ ਕਦੀ ਵੀ ਨਹੀਂ ਸਮਝ ਸਕਣਗੇ, ਜਿਨ੍ਹਾਂ ਦੇ ਬਜ਼ੁਰਗਾਂ ਅਤੇ ਪਰਿਵਾਰਾਂ ਨੇ ਅੰਗਰੇਜ਼ਾਂ ਦੇ ਸਮੇਂ ਵਿਚ ਆਪ ਰਾਜ ਕੀਤਾ ਹੋਵੇ ਅਤੇ ਅਜ਼ਾਦੀ ਮਿਲਣ ਨਾਲ ਜਿਨ੍ਹਾਂ ਦਾ ਰਾਜ ਖੁੱਸ ਗਿਆ ਹੋਵੇ।
ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਜਿਨ੍ਹਾਂ ਨੇ ਸ਼ਹਾਦਤਾਂ ਦਿੱਤੀਆਂ ਉਨ੍ਹਾਂ ਪ੍ਰਤੀ ਦੇਸ਼ ਕੌਮ ਦਾ ਸਤਿਕਾਰ ਹਮੇਸ਼ਾਂ ਬਣਿਆ ਰਹੇਗਾ। ਇਨ੍ਹਾਂ ਜੋਧਿਆਂ ਦੀ ਕਦਰ ਉਹ ਲੋਕ ਜਾਣਦੇ ਹਨ ਜਿਨ੍ਹਾਂ ਦੇ ਬਜ਼ੁਰਗਾਂ ਨੇ ਦੇਸ਼ ਲਈ ਜੇਲ੍ਹਾਂ ਕੱਟੀਆਂ, ਕਾਲੇ ਪਾਣੀਆਂ ਨੂੰ ਹੰਢਾਇਆ ਅਤੇ ਅਨੇਕਾਂ ਕੁਰਬਾਨੀਆਂ ਕੀਤੀਆਂ ਸਨ। ਆਗੂਆਂ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੈ ਪਰ ਦੁੱਖ ਦੀ ਗੱਲ ਹੈ ਕਿ ਲੀਡਰ ਉਨ੍ਹਾਂ ਦੀ ਕੁਰਬਾਨੀ ਨੂੰ ਭੁੱਲਦੇ ਜਾ ਰਹੇ ਹਨ। ਮਾਨ ਨੂੰ ਲੋਕਾਂ ਨੇ ਮਾਣ ਦਿੱਤਾ ਹੈ ਤਾਂ ਉਸ ਨੂੰ ਕਾਇਮ ਰੱਖਣਾ ਵੀ ਉਨ੍ਹਾਂ ਦਾ ਫਰਜ ਬਣਦਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਯੂ. ਕੇ ਦੇ ਆਗੂ ਸਰਬਜੀਤ ਸਿੰਘ ਵੱਲੋਂ ਮਾਨ ‘ਤੇ ਸ਼ਹੀਦ ਭਗਤ ਸਿੰਘ ਸਬੰਧੀ ਲਾਏ ਗਏ ਦੋਸ਼ ਨੂੰ ਮੀਡੀਆ ਦੀ ਗਿਣੀ- ਮਿੱਥੀ ਸਾਜ਼ਿਸ਼ ਦਾ ਹਿੱਸਾ ਕਹਿਣ ’ਤੇ ਮੀਟਿੰਗ ਵਿੱਚ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸਿੱਖ ਆਗੂਆਂ ਨੇ ਵਿਰੋਧ ਕੀਤਾ ਹੈ ਅਤੇ ਆਗੂਆਂ ਨੇ ਕਿਹਾ ਕਿ ਮਾਨ ਵਰਗੀ ਸ਼ਖਸੀਅਤ ਨੂੰ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਸ਼ੋਭਾ ਨਹੀਂ ਦਿੰਦਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਤ ਸਿੰਘ ਵੱਲੋਂ ਕੀਤੀ ਕੁਰਬਾਨੀ ਨੂੰ ਲੈ ਕੇ ਪਾਕਿਸਤਾਨ ਵਿੱਚ ਚੌਂਕ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਨੂੰ ਸੁੰਦਰ ਰੂਪ ਦਿੱਤਾ ਜਾ ਰਿਹਾ ਹੈ ਜਦਕਿ ਸਾਡੇ ਆਗੂਆਂ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਤੱਕ ਨੂੰ ਉਤਾਰਨ ਲਈ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਹਨ। ਗੁਰਦੁਆਰਾ ਕਮੇਟੀਆਂ ਨੇ ਮਾਨ ਅਤੇ ਉਨ੍ਹਾਂ ਦੇ ਬੇਟੇ ਨੂੰ ਜਲਦੀ ਤੋਂ ਜਲਦੀ ਲਿਖਤੀ ਮੁਆਫ਼ੀ ਮੰਗ ਕੇ ਇਸ ਮਾਮਲੇ ਨੂੰ ਠੰਡਾ ਕਰਨ ਲਈ ਕਿਹਾ ਹੈ।