‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਕਲੀਨਿਕ ਸਕੀਮ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਕੰਗ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕਾਂ ਦੇ ਖਿਲਾਫ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦੀ ਨਿੰਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ਼ 3 ਦਿਨਾਂ ਵਿੱਚ 10192 ਮਰੀਜ਼ਾਂ ਨੇ ਸਾਡੇ 100 ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 41 ਸਿਹਤ ਪੈਕੇਜ, 100 ਡਾਇਗਨੌਸਟਿਕ ਟੈਸਟ, ਦਵਾਈਆਂ ਤੇ ਸਲਾਹ ਬਿਲਕੁਲ ਮੁਫ਼ਤ ਹਨ।
https://twitter.com/AAPPunjab/status/1559896780388827137?s=20&t=GwXF_OyrVTZBsINcJ3ZH0A
ਲੰਘੇ ਕੱਲ੍ਹ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਬੋਲਿਆ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ MR ਕਿ -ਪੰਜਾਬ ਦੇ ਮੁਹੱਲਾ ਕਲੀਨਿਕ ਦੇ ਢੋਂਗ ਤੋਂ ਅਗਲੇ ਦਿਨ ਹੀ ਪਰਦਾ ਉਠ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਜੀ 100 ਟੈਸਟਾਂ ਦੀ ਗੱਲ ਕਰ ਰਹੇ ਸਨ ਪਰ ਇਹ ਝੂਠ ਨਿਕਲਿਆ, ਸਿਰਫ 41 ਟੈਸਟਾਂ ਦੀ ਸੂਚੀ ਹੈ ਜਿਨ੍ਹਾਂ ਵਿੱਚੋਂ ਇੱਕ ਵੀ ਨਹੀਂ ਹੋ ਰਿਹਾ। ਇਕ ਅਖਬਾਰ ਦੀ ਖਬਰ ਦਾ ਹਵਾਲਾ ਦਿੰਦੇ ਹੋਏ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਹਮਲਾ ਬੋਲਿਆ ਹੈ ਜਿਸ ‘ਚ ਇਹ ਵੀ ਲਿਖਿਆ ਗਿਆ ਹੈ ਕਿ ਸੰਗਰੂਰ ‘ਚ ਖੋਲ੍ਹੇ ਗਏ ਇਹਨਾਂ ਮੁਹੱਲਾ ਕਲੀਨਿਕਾਂ ‘ਚੋਂ ਕਈਆਂ ‘ਚ ਮਰੀਜ਼ਾਂ ਦਾ ਬੁਖਾਰ ਚੈੱਕ ਕਰਨ ਲਈ ਥਰਮਾਮੀਟਰ ਤੱਕ ਨਹੀਂ। ਮਰੀਜ਼ਾਂ ਦੇ ਬੁਖਾਰ ਦੀ ਜਾਂਚ ਅਤੇ ਲੈਬ ਟੈਸਟ ਪ੍ਰਾਈਵੇਟ ਲੈਬਾਂ ਤੋਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਬਸ ਫੋਟੋ ਖਿਚਾਓ ਤੇ ਕੰਮ ਖਤਮ।
ਦੱਸ ਦਈਏ ਕਿ CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ । ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 25 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਦੀ ਸੇਵਾ ਵਿੱਚ ਕੰਮ ਕਰਨਗੇ। ਗੌਰਤਲਬ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲੱਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ।