India

ਭਾਜਪਾ ਨੇ ਲਾਇਆ ਆਪ ਸਰਕਾਰ ਉੱਤੇ ਇੱਕ ਹੋਰ ਇਲਜ਼ਾਮ

ਦ ਖ਼ਾਲਸ ਬਿਊਰੋ : ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸੂਬੇ ਦੇ ਉਨ੍ਹਾਂ ਇਲਾਕਿਆਂ ‘ਚ ਸ਼ਰਾਬ ਦੇ ਠੇਕੇ ਦੇਣ ਦਾ ਦੋਸ਼ ਲਾਇਆ ਹੈ, ਜਿੱਥੇ ਸਰਕਾਰ ਨੂੰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਸੀ। ਦਿੱਲੀ ‘ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਇਹ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਾਇਆ ਹੈ ਕਿ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇਣ ਦੇ ਬਹਾਨੇ ਦਿੱਲੀ ਦੇ ਸ਼ਰਾਬ ਕਾਰੋਬਾਰੀਆਂ ਨਾਲ ਭਾਰੀ ਪੈਸਿਆਂ ਦਾ ਲੈਣ-ਦੇਣ ਕੀਤਾ ਗਿਆ।

ਬਿਧੂੜੀ ਨੇ ਕੇਂਦਰੀ ਜਾਂਚ ਬਿਊਰੋ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਰੇ ਮੰਤਰੀਆਂ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੂੰ ਉਨ੍ਹਾਂ ‘ਨਾਨ-ਕਨਫਰਮਿੰਗ ਏਰੀਆ’ ਲਈ ਮਾਸਟਰ ਪਲਾਨ ‘ਚ ਸੋਧ ਕਰਨੀ ਹੋਵੇਗੀ, ਜਿਨ੍ਹਾਂ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਲਾਇਸੈਂਸ ਦਿੱਤੇ ਗਏ ਸਨ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ‘ਨਾਨ-ਕਨਫਰਮਿੰਗ ਏਰੀਆ’ ਵਿੱਚ ਕਿਸੇ ਨੂੰ ਵੀ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਅਧਿਕਾਰ ਨਹੀਂ ਹੈ ਤਾਂ ਫਿਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਕਿਵੇਂ ਦਿੱਤੀ ਗਈ।