‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਲੰਘੇ ਕੱਲ੍ਹ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਮੁੜ ਤੋਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨਾਲ ਜੁੜੀਆਂ ਜਥੇਬੰਦੀਆਂ ਨੇ ਇੱਕ ਵੱਖਰੀ ਮੀਟਿੰਗ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।
ਕਿਸਾਨ ਜਥੇਬੰਦੀਆਂ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇਣਗੀਆਂ। 22 ਅਗਸਤ ਨੂੰ ਐਮਐਸਪੀ ਕਮੇਟੀ ਦੀ ਕੇਂਦਰ ਸਰਕਾਰ ਦੀ ਪਹਿਲੀ ਮੀਟਿੰਗ ਹੋ ਰਹੀ ਹੈ। ਇਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਧਰਨਾ ਦੇਣਗੀਆਂ। ਦਰਅਸਲ, ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿੱਚ 18 ਅਗਸਤ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸਦੀ ਅੱਜ ਸਮਾਪਤੀ ਹੈ। ਇਸ ਧਰਨੇ ਵਿੱਚ ਕਿਸਾਨਾਂ ਵੱਲੋਂ ਅਗਲਾ ਪ੍ਰੋਗਰਾਮ ਐਲਾਨਿਆ ਗਿਆ ਹੈ।
ਇਸ ਮੌਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੀ ਬਰਖਾਸਤਗੀ, ਕਿਸਾਨਾਂ ਉੱਤੇ ਦਰਜ ਝੂਠੇ ਮੁਕੱਦਮੇ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਐੱਮਐੱਸਪੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਜਨ ਵਿਰੋਧੀ ਬਿਜਲੀ ਬਿੱਲ 2022 ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।
ਇਸਦੇ ਨਾਲ ਹੀ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਵੀ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈੱਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਤੰਬਰ ਤੇ ਅਕਤੂਬਰ ਮਹੀਨੇ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਲਈ ਛੇ ਜ਼ੋਨਲ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਲੀਡਰਾਂ ਨੇ ਦੱਸਿਆ ਕਿ 15 ਸਤੰਬਰ ਨੂੰ ਅੰਮ੍ਰਿਤਸਰ ਦੇ ਮਹਿਤਾ ਚੌਂਕ ਵਿੱਚ, 20 ਨੂੰ ਫਤਹਿਗੜ੍ਹ ਸਾਹਿਬ ਵਿੱਚ, 30 ਨੂੰ ਫਗਵਾੜਾ ਵਿੱਚ, 5 ਅਕਤੂਬਰ ਨੂੰ ਨਾਭਾ, 10 ਨੂੰ ਬਠਿੰਡਾ ਤੇ 15 ਨੂੰ ਤਲਵੰਡੀ ਭਾਈ ਵਿੱਚ ਕਾਨਫਰੰਸਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।