ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਬਾਹਰ ਕੱਢਣ ਨੂੰ ਲੈ ਕੇ ਛਿੜੀ ਬਿਆਨਬਾਜ਼ੀ ਨੇ ਹੋਰ ਗੰਭੀਰ ਰੂਪ ਧਾਰਨ ਕਰ ਲਿਆ ਹੈ। ਅਕਾਲੀ ਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੰਥਨ ਕਰਨ ਲਈ ਬਣਾਈ 13 ਮੈਂਬਰੀ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਪੰਥਕ ਧਿਰਾਂ ਵਿੱਚ ਵੱਡਾ ਬਖੇੜਾ ਖੜਾ ਹੋ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਕਮੇਟੀ ਦੇ ਮੁਖੀ ਇਕਬਾਲ ਸਿੰਘ ਝੂੰਦਾਂ ਨੂੰ ਰਿਪੋਰਟ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ।
ਅਕਾਲੀ ਦਲ ਸੰਯੁਕਤ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ 13 ਮੈਂਬਰੀ ਕਮੇਟੀ ਦੀ ਰਿਪੋਰਟ ਜਨਤਕ ਕਰਨ ਜਾਂ ਫ਼ਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਹੁੰ ਚੁੱਕਣ ਕਿ ਰਿਪੋਰਟ ’ਚ ਅਕਾਲੀ ਵਰਕਰਾਂ ਨੇ ਦਲ ਦੀ ਲੀਡਰਸ਼ਿਪ ਬਦਲਣ ਦੀ ਮੰਗ ਕੀਤੀ ਸੀ ਪਰ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਦੇ ਕਾਰਨ ਸਪੱਸ਼ਟ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਇਹ ਗੱਲ ਕਬੂਲੀ ਸੀ ਕਿ ਅਕਾਲੀ ਲੀਡਰਸ਼ਿਪ ਵੱਲੋਂ ਪਾਰਟੀ ਵਿਚ ਅਜਿਹੇ ਚਿਹਰੇ ਸ਼ਾਮਲ ਕਰ ਲਏ ਗਏ ਹਨ, ਜਿਨ੍ਹਾਂ ਨੂੰ ਲੋਕ ਪਸੰਦ ਨਹੀਂ ਕਰਦੇ, ਜਿਸ ਕਾਰਨ ਹੀ ਅੱਜ ਅਕਾਲੀ ਦਲ ਦਾ ਇਹ ਹਾਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਘੁਰਕੀ ਕਾਰਨ ਇਕਬਾਲ ਸਿੰਘ ਝੂੰਦਾਂ ਅਗਲੇ ਦਿਨ ਹੀ ਆਪਣੇ ਬਿਆਨ ਤੋਂ ਮੁੱਕਰ ਗਏ। ਐੱਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਮਲਕੀਤ ਸਿੰਘ ਚੰਗਾਲ, ਅਤੇ ਗੁਰਮੀਤ ਸਿੰਘ ਜੌਹਲ ਆਦਿ ਨੇ ਦਾਅਵਾ ਕੀਤਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ’ਚ ਲੜੀ ਨੰ. 42 ਉਪਰ ਅਕਾਲੀ ਲੀਡਰਸ਼ਿਪ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਝੂੰਦਾਂ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਅਕਾਲੀ ਦਲ ’ਚ ਉਹ ਕਿਹੜੇ ਚਿਹਰੇ ਹਨ, ਜਿਨ੍ਹਾਂ ਨੂੰ ਵਰਕਰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿਹੜਾ ਆਗੂ ਸੁਝਾਅ ਦਿੰਦਾ ਹੈ, ਉਸ ਨੂੰ ਬਾਗੀ ਗਰਦਾਨਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਫੇਲ੍ਹ ਹੋਇਆ ਹੈ।