ਮੁਹਾਲੀ : ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal ) ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(shiromani gurdwara parbandhak committee) ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਕਰੇਗਾ। ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ। ਉਹਨਾਂ ਗੁਰਦੁਆਰਾ ਸਾਹਿਬ ਵਿਚ ਇਕੱਤਰ ਸੰਗਤ ਨੂੰ ਆਖਿਆ ਕਿ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਜਾਇਜ਼ ਹੱਕਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਆਪਣੇ ਆਪ ਨੂੰ ਤਿਆਰ ਕਰੀਏ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹੁੱਡਾ ਸਰਕਾਰ ਨੇ ਹਰਿਆਣਾ ਵਿੱਚ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਦੇ ਗਠਨ ਲਈ ਕਾਨੂੰਨ ਬਣਾਇਆ ਸੀ ਜਦਕਿ ਪੰਜਾਬ ਦੀ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਨੇ ਅਦਾਲਤ ਵਿੱਚ ਗਲਤ ਦਲੀਲਾਂ ਪੇਸ਼ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਭਾਜਪਾ ਨੇ ਆਪਣੇ ਕਬਜ਼ੇ ਹੇਠ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਹਰਿਆਣਾ ਕਮੇਟੀ ਦੇ ਮਾਮਲੇ ਨੂੰ ਅਦਾਲਤ ਵਿੱਚ ਲਿਜਾਣ ਤੋਂ ਇਲਾਵਾ ਜਨਤਕ ਤੌਰ ’ਤੇ ਵੀ ਲੋਕਤੰਤਰੀ ਤਰੀਕੇ ਨਾਲ ਸੰਘਰਸ਼ ਕਰੇਗਾ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਮਾਮਲਿਆਂ ਨਾਲ ਅਦਾਲਤ ਵਿਚ ਵੀ ਨਜਿੱਠਣ ਵਾਸਤੇ ਤਿਆਰ ਹੈ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ 30 ਸਤੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਐਮਰਜੰਸੀ ਜਨਰਲ ਇਜਲਾਸ ਵਿਚ ਸੰਘਰਸ਼ ਨੂੰ ਅੰਤਿਮ ਰੂਪ ਰੇਖਾ ਪ੍ਰਦਾਨ ਕਰਾਂਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਫੈਸਲਾ ਸਿਆਸੀ ਤੌਰ ’ਤੇ ਪ੍ਰੇਰਿਤ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਰਣਨੀਤੀ ਉਲੀਕਾਂਗੇ।