ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਉਨ੍ਹਾਂ ਦੇ ਜਨਮ ਦਿਹਾੜਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਨਮੋਲ ਗਗਨ ਮਾਨ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਜਲ ਸ਼ਕਤੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਸਨ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਸ਼ਹਿਦ ਭਗਤ ਸਿੰਘ ਵਿਅਕਤੀ ਨਹੀਂ ਸੀ ਸਗੋਂ ਇੱਕ ਸੋਚ ਸੀ। ਉਨ੍ਹਾਂ ਨੇ ਕਿਹਾ ਕਿ 23 ਸਾਲ ਦੀ ਉਮਰ ‘ਚ ਫਾਂਸੀ ਦਾ ਰੱਸਾ ਚੁੰਮਿਆ ਲਿਆ ਸੀ, ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਕਿ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦੇ ਨਾਮ ਦੀ ਚੇਅਰ ਸਥਾਪਿਤ ਕੀਤੀ ਜਾਵੇਗੀ।
ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਇੱਕ ਉੱਘੇ ਲੀਡਰ ਸਨ ਤੇ ਭਗਤ ਸਿੰਘ ਦੀਆਂ ਪੈੜਾਂ ‘ਤੇ ਤੁਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਸਾਡੇ ਚ ਹਮੇਸ਼ਾ ਜ਼ਿੰਦਾ ਰਹਿਣਗੇ। ਉਨ੍ਹਾਂ ਏਅਰਪੋਰਟ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ‘ਤੇ ਖੁਸ਼ੀ ਜਤਾਈ ਤੇ ਕਿਹਾ ਕਿ ਲੋਕ ਸਭਾ ਚ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਜਲੀ ਨਹੀਂ ਦਿੱਤੀ ਗਈ ਸੀ। ਤੇ ਕਿਹਾ ਕਿ ਅੱਜ ਤੋਂ ਭਗਤ ਸਿੰਘ ਯੁਵਾ ਪੁਰਸਕਾਰ ਸ਼ੁਰੂ ਕਰਨ ਜਾ ਰਹੇ ਹਾਂ ।
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ”ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨ੍ਹਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਾਲ ਵਿੱਚ 23 ਮਾਰਚ ਤੋਂ ਪਹਿਲਾਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ 5ਡੀ ਬੁੱਤ ਸ਼ਹੀਦ ਭਗਤ ਸਿੰਘ ਦੀ ਨਾਂ ‘ਤੇ ਰੱਖੇ ਗਏ ਅੰਤਰਰਾਸ਼ਟਰੀ ਹਵਾਈ ਅੱਡੇ ਮੁਹਾਲੀ ‘ਤ ਸਥਾਪਿਤ ਕੀਤਾ ਜਾਵੇਗਾ। ਜਿਸ ਨੂੰ ਆਉਂਦੇ ਜਾਂਦੇ ਦੁਨੀਆ ਵੇਖਿਆ ਕਰੇਗੀ । ਉਨ੍ਹਾਂ ਕਿਹਾ ਕਿ ਮੈਂ ਸ਼ਹੀਦਾਂ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ ਤੇ ਕਿਹਾ ਕਿ ਅੱਜ ਅਸੀਂ ਪੰਜਾਬ ਦੇ ਸਕੂਲਾਂ ‘ਚ ਛੁੱਟੀ ਨਹੀਂ ਕੀਤੀ ਪਰ ਸਕੂਲਾਂ ‘ਚ ਭਗਤ ਸਿੰਘ ਬਾਰੇ ਪੜ੍ਹਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਗਿਆ ਹੈ ਕਿਉਂਕਿ ਇਸ ਹਵਾਈ ਅੱਡੇ ਦਾ ਨਾਂ ਧਰਤੀ ਦੇ ਮਹਾਨ ਸਪੂਤ ਦੇ ਨਾਂ ’ਤੇ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ। 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।”
ਦੱਸ ਦੇਈਏ ਕਿ ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ । ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।