Punjab

ਵੜਿੰਗ ਨੇ ਅੰਮ੍ਰਿਤਪਾਲ ਦੇ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ , ਕਹੀਆਂ ਵੱਡੀਆਂ ਗੱਲਾਂ

Amarinder Singh Raja Warring

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring)ਨੇ  ਵਾਰਿਸ ਪੰਜਾਬ ਦੇ’ (Waris Punjab de) ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖ਼ਿਲਾਫ਼  ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ। ਵੜਿੰਗ ਦੀ ਕਹਿਣਾ ਹੈ ਕਿ ਅੰਮ੍ਰਿਤਪਾਲ ਆਪਣੇ ਬਿਆਨਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ ਅਤੇ  ਗੁੰਮਰਾਹ ਕਰ ਰਿਹਾ ਹੈ।

ਇਸੇ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਡੀਜੀਪੀ ਪੰਜਾਬ ਨੂੰ ਕਿਹਾ ਹੈ ਕਿ ਡੀਜੀਪੀ ਪੰਜਾਬ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਅਤਿਵਾਦ ਅਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣ ਦੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ।

ਵੜਿੰਗ ਨੇ ਸ਼ਿਕਾਇਤ ਵਿੱਚ ਕਿਹਾ ਕਿ ਹਰ ਪੰਜਾਬੀ ਵਾਂਗ ਤੁਸੀਂ ਵੀ ਇੱਕ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਤੋਂ ਜਾਣੂ ਹੋਵੋਗੇ।  ਉਹ ਕੀ ਕਹਿੰਦਾ ਹੈ ਅਤੇ ਕੀ ਕਰਦਾ ਹੈ ਇਸ ਨੂੰ ਲੈ ਕੇ ਰਾਜ ਭਰ ਦੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਮੈਂ ਸਪੱਸ਼ਟ ਕਰਦਾ ਹਾਂ ਕਿ ਕਿਸੇ ਨੂੰ ਵੀ ਉਸਦੇ ਧਾਰਮਿਕ ਪ੍ਰਚਾਰ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣ ਦੇ ਤਰੀਕੇ ਨਾਲ ਕੋਈ ਸਮੱਸਿਆ ਨਹੀਂ ਹੈ ਪਰ ਉਸ ਦੁਆਰਾ ਦਿੱਤੇ ਗਏ ਭਾਸ਼ਣਾਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਅਤੇ ਭੜਕਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਸੀ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਸੀ। ਹਾਲਾਂਕਿ, ‘ਦ ਖ਼ਾਲਸ ਟੀਵੀ ਇਸ ਰਿਪੋਰਟ ਦੀ ਅਧਿਕਾਰਤ ਤੌਰ ਉੱਤੇ ਪੁਸ਼ਟੀ ਨਹੀਂ ਕਰਦਾ ਹੈ। ਸੂਤਰਾਂ ਮੁਤਾਬਿਕ ਏਜੰਸੀ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਦੇ ਪ੍ਰੋਗਰਾਮ ‘ਵਾਰਿਸ ਪੰਜਾਬ ਦੇ’ ‘ਚ ਕਈ ਅਜਿਹੀਆਂ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।

ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗਰਮ ਖਿਆਲੀ ਹੋਣ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ। ਇਸ ਲਈ ਅੰਮ੍ਰਿਤਪਾਲ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਉੱਤੇ ਲਗਾਤਾਰ ਵਿਵਾਦ ਬਣਿਆ ਹੋਇਆ ਹੈ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਦਿਆਂ ਕਿਹਾ ਕਿ ਉਸ ਦੀ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਗੂ ਥਾਪੇ ਜਾਣ ਤੋਂ ਬਾਅਦ ਸਰਕਾਰ ਘਬਰਾਈ ਹੋਈ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਬਿਆਨ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ।