ਬਿਊਰੋ ਰਿਪੋਰਟ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, 2014 ਨੂੰ ਮਾਨਤਾ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਪੰਥਕ ਰੋਸ ਮਾਰਚ ਕੱਢਿਆ ਗਿਆ ਹੈ। ਪਹਿਲਾ ਪੰਥਕ ਰੋਸ ਮਾਰਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਤੋਂ ਰਵਾਨਾ ਹੋਇਆ ਹੈ, ਜਿਸਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ ਹੈ। ਦੂਸਰਾ ਪੰਥਕ ਰੋਸ ਮਾਰਚ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਰਵਾਨਾ ਹੋਇਆ ਹੈ ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ। ਤੀਸਰਾ ਪੰਥਕ ਰੋਸ ਮਾਰਚ ਹਰਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਸ਼ੁਰੂ ਹੋਇਆ, ਜਿਸਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣ, ਬਲਦੇਵ ਸਿੰਘ ਕੈਮਪੁਰੀ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੀਪ ਸਿੰਘ ਭਾਨੋਖੇੜੀ ਨੇ ਕੀਤੀ। ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ। ਹਰਿਆਣਾ ਦੀ ਸਿੱਖ ਸੰਗਤ ਅੰਬਾਲਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਕੱਠੀ ਹੋਈ ਅਤੇ ਬੱਸਾਂ ਅਤੇ ਕਾਰਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਮਾਰਚ ਸ਼ੁਰੂ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਸੰਗਤ ਨੂੰ ਬੇਨਤੀ ਕੀਤੀ ਕਿ ਸਾਰਿਆਂ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੱਕ ਹੀ ਕਾਲੇ ਝੰਡੇ ਲੈ ਕੇ ਜਾਣੇ ਹਨ, ਉਸ ਤੋਂ ਅੱਗੇ ਕਿਸੇ ਨੇ ਵੀ ਕਾਲੇ ਝੰਡੇ ਨਹੀਂ ਲੈ ਕੇ ਜਾਣੇ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਰਿਆਂ ਨੇ ਅਰਦਾਸ ਕਰਨੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕਿਸੇ ਵੀ ਧਰਮ ਵਿੱਚ ਦਖ਼ਲ ਅੰਦਾਜ਼ੀ ਨਹੀਂ ਹੋਣੀ ਚਾਹੀਦੀ। ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਲਈ ਸਰਕਾਰਾਂ ਸਾਜਿਸ਼ਾਂ ਰਚ ਰਹੀ ਹੈ। ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਦੇ ਫੈਸਲੇ ਅਤੇ ਸਿੱਖ ਮਸਲਿਆਂ ਅੰਦਰ ਆਰ.ਐਸ.ਐਸ ਦੀ ਸ਼ਹਿ ਉਤੇ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਸੀ । ਇਹ ਰੋਸ ਮਾਰਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਸ ਧਰਨਾ ਦਿੱਤਾ ਗਿਆ ਸੀ। ਸਭ ਨੇ ਆਪਣੀਆਂ ਦਸਤਾਰਾਂ ਉੱਤੇ ਕਾਲੀਆਂ ਪੱਟੀਆਂ, ਹੱਥਾਂ ਵਿੱਚ ਪੋਸਟਰ ਅਤੇ ਕਾਲੇ ਝੰਡੇ ਫੜੇ ਹੋਏ ਸਨ।