‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਮੀਟਿੰਗ ਦੇ ਕੇ ਮੁਕਰਨ ਦੇ ਰੋਸ ਵਜੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਸੂਬਾਈ ਸੱਦੇ ਤਹਿਤ ਅੱਜ ਪੰਜਾਬ ਵੱਖ ਵੱਖ ਪਿੰਡਾਂ ਚ ਮੁੱਖ ਮੰਤਰੀ ਮਾਨ ਦੀਆਂ ਅਰਥੀਆਂ ਸਾੜਨ ਦੇ ਸੱਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਲੋਂ ਮੁੱਖ ਮੰਤਰੀ ਦੀ ਅਰਥੀ ਸਾੜਨ ਤੋਂ ਪਹਿਲਾਂ ਮੁਜ਼ਾਹਰਾ ਕੀਤਾ । ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 11ਤੇ12 ਅਕਤੂਬਰ ਨੂੰ ਵੀ ਪਿੰਡਾਂ ਚ ਅਰਥੀਆਂ ਸਾੜੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਰੋਹ ਸਮੇਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 12ਤੋ14 ਸਤੰਬਰ ਤੱਕ ਮੁੱਖ਼ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਲਾਏ ਤਿੰਨ ਰੋਜ਼ਾ ਧਰਨੇ ਸਮੇਂ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਤਹਿ ਕੀਤੀ ਸੀ ਜ਼ੋ ਬਾਅਦ ਵਿਧਾਨ ਸਭਾ ਦੇ ਅਜਲਾਸ ਬਹਾਨੇ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤੀ ਸੀ।
ਉਹਨਾਂ ਇਹ ਵੀ ਦੋਸ਼ ਲਾਇਆ ਕਿ ਜੂਨ ਮਹੀਨੇ ਵਿੱਚ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ਼ ਕੀਤੀਆਂ ਮੀਟਿੰਗਾਂ ਚ ਪ੍ਰਵਾਨ ਕੀਤੀਆਂ ਕਈ ਅਹਿਮ ਮੰਗਾਂ ਮੰਨੀਆਂ ਸਨ ਪਰ ਇਹਨਾਂ ਨੂੰ ਲਾਗੂ ਕਰਨਾ ਤਾਂ ਦੂਰ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਿਸ ਲੈਣ ਦੀ ਬਜਾਏ ਉਲਟਾ ਸੰਗਰੂਰ ਦੇ ਪਿੰਡ ਬਾਲਦ ਕਲਾ ਦੇ ਅੰਦੋਲਨ ਸਮੇਂ ਬਣੇ ਕੇਸ ਚ ਅੱਜ਼ ਹੀ ਇੱਕ ਮਜ਼ਦੂਰ ਆਗੂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਆਪਣੇ ਮਜ਼ਦੂਰ ਦੋਖੀ ਕਿਰਦਾਰ ਤੇ ਵਿਹਾਰ ਨੂੰ ਇੱਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ।
ਉਹਨਾਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਰੰਟੀ ਕਰਕੇ ਦਿਹਾੜੀ 700 ਰੁਪਏ ਕੀਤੀ ਜਾਵੇ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ ਦੀ ਜਾਮਨੀ ਕੀਤੀ ਜਾਵੇ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਸਿਰ ਮਾਈਕਰੋਫਾਈਨਾਸ ਕੰਪਨੀਆਂ ਸਮੇਤ ਚੜੇ ਸਮੁੱਚੇ ਕਰਜ਼ੇ ਖਤਮ ਕੀਤੇ ਜਾਣ, ਮਜ਼ਦੂਰਾਂ ਨੂੰ ਬਿਨਾਂ ਸ਼ਰਤ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਦਿੱਤੇ ਜਾਣ,ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਸਮੇਤ ਮੀਹਾਂ ਨਾਲ਼ ਨੁਕਸਾਨੀਆਂ ਫ਼ਸਲਾਂ ਤੇ ਘਰਾਂ ਦਾ ਮੁਆਵਜ਼ਾ ਦਿੱਤਾ ਜਾਵੇ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦਿੱਤੇ ਜਾਣ , ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਮਹੀਨਾ ਕਰਕੇ ਉਮਰ ਦੀ ਹੱਦ ਘਟਾਈ ਜਾਵੇ, ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਤੇ ਦਰਜ਼ ਕੇਸ ਵਾਪਿਸ ਲਏ ਜਾਣ ਅਤੇ ਦਲਿਤਾਂ ਤੇ ਜ਼ਬਰ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ।