Punjab

ਕੋਰੋਨਾ ਕਾਰਨ ਸ਼ੂਟਿੰਗ ਲਈ ਬਣਨਗੇ ਨਵੇਂ ਨਿਯਮ

‘ਦ ਖਾਲਸ ਬਿਊਰੋ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸੂਬੇ ‘ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ,ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਦੇ ਨਾਲ ਕੀਤੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਪੰਜਾਬੀ ਕਲਾਕਾਰਾਂ ਨੇ ਸ਼ੂਟਿੰਗ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ। ਉਨ੍ਹਾਂ ਮੁੱਖ ਮੰਤਰੀ ਨੂੰ ਕੋਰੋਨਾ ਕਾਲ ਦੌਰਾਨ ਸ਼ੂਟਿੰਗ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਭਾਵੇਂ ਪਿਛਲੇ ਮਹੀਨੇ ਪੰਜਾਬ ‘ਚ ਸ਼ੂਟਿੰਗ ਦੀ ਇਜਾਜ਼ਤ ਮਿਲ ਗਈ ਸੀ ਪਰ ਬਿਨ੍ਹਾਂ ਸਪੱਸ਼ਟ ਹਦਾਇਤਾਂ ਦੇ ਕੰਮ ਕਰਨਾ ਔਖਾ ਹੋ ਰਿਹਾ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ ਜਿਸ ਨਾਲ ਕੋਰੋਨਾ ਮਹਾਂਮਾਰੀ ‘ਚ ਸਾਵਧਾਨੀ ਦਾ ਖਿਆਲ ਰੱਖਦੇ ਹੋਏ ਸ਼ੂਟਿੰਗ ਨੂੰ ਮੁਕੰਮਲ ਕੀਤਾ ਜਾ ਸਕੇ।